
ਸੂਬੇ ਦੇ ਮੰਤਰੀ ਮੰਡਲ ਨੇ 258.9 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ ਹੈ।
ਗੁਹਾਟੀ - ਇਸ ਸਾਲ ਉੱਚ-ਸੈਕੰਡਰੀ ਪ੍ਰੀਖਿਆ ਵਿੱਚ ਸਫ਼ਲ ਹੋਣ ਵਾਲੇ ਲਗਭਗ 36,000 ਹੋਣਹਾਰ ਵਿਦਿਆਰਥੀਆਂ ਨੂੰ ਆਸਾਮ ਸਰਕਾਰ ਸਕੂਟਰ ਦੇਵੇਗੀ। ਆਸਾਮ ਦੇ ਸਿੱਖਿਆ ਮੰਤਰੀ ਰਨੋਜ ਪੇਗੂ ਨੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ ਦੇ ਮੰਤਰੀ ਮੰਡਲ ਨੇ 258.9 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕੁੱਲ 35,800 ਵਿਦਿਆਰਥੀ ਪਹਿਲੀ ਡਵੀਜ਼ਨ ਵਿੱਚ ਪਾਸ ਹੋਏ ਹਨ, ਜਿਨ੍ਹਾਂ ਵਿੱਚੋਂ 29,748 ਕੁੜੀਆਂ ਅਤੇ 6,052 ਮੁੰਡਿਆਂ ਨੇ 75 ਫ਼ੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਟਰ ਦਿੱਤੇ ਜਾਣਗੇ।
ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਅਤੇ ਬੀਮੇ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਸੂਬਾਈ ਕਾਲਜਾਂ ਵਿੱਚ ਨਿਸ਼ਚਿਤ ਤਨਖ਼ਾਹ ’ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 55,000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।