
- 27 ਨੂੰ ਵਿਸ਼ਾਲ ਗਿਣਤੀ 'ਚ ਦਿੱਲੀ ਪੁੱਜਣ ਦਾ ਸੱਦਾ
ਬਰਨਾਲਾ : ਭਾਰਤੀ ਖੇਤੀ ਉੱਪਰ ਬੋਲੇ ਗਏ ਕਾਰਪੋਰੇਟ ਹਮਲੇ ਖਿਲਾਫ ਲੜੇ ਜਾ ਰਹੇ ਕਿਸਾਨ ਸੰਘਰਸ਼ ਨੂੰ ਹੋਰ ਅੱਗੇ ਵਧਾਉਣ ਲਈ ਬੀ ਕੇ ਯੂ ਏਕਤਾ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ "ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ" ਕੀਤੀ ਗਈ। ਵਿਸ਼ਾਲ ਪੰਡਾਲ ਵਿੱਚ ਉਮੜੇ ਜਨ ਸੈਲਾਬ ਨੇ ਇਸ ਨੂੰ ਹਕੀਕੀ ਅਰਥਾਂ ਚ ਮਹਾਂ ਰੈਲੀ ਬਣਾ ਦਿੱਤਾ। ਖੇਤ ਮਜ਼ਦੂਰਾਂ ਤੇ ਕਿਸਾਨਾਂ ਸਮੇਤ ਔਰਤਾਂ ਦੀ ਬਹੁਤ ਵੱਡੀ ਸ਼ਮੂਲੀਅਤ ਇਸ ਮਹਾਂ-ਰੈਲੀ ਦੀ ਵਿਸ਼ੇਸ਼ਤਾ ਸੀ।
photoਇਕੱਠ ਨੂੰ ਸੰਬੋਧਨ ਹੁੰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਚੱਲ ਰਹੇ ਕਿਸਾਨ ਸੰਘਰਸ਼ ਨੂੰ ਤਕੜਾਈ ਦੇਣ ਲਈ ਜਿੱਥੇ ਸੰਘਰਸ਼ ਅੰਦਰ ਖੇਤ ਮਜ਼ਦੂਰਾਂ ਸਮੇਤ ਹੋਰਨਾਂ ਤਬਕਿਆਂ ਦੀ ਸ਼ਮੂਲੀਅਤ ਜ਼ਰੂਰੀ ਹੈ ਉਥੇ ਨਾਲ ਹੀ ਸੰਘਰਸ਼ ਦੇ ਧਰਮ ਨਿਰਲੇਪ ਕਿਰਦਾਰ ਨੂੰ ਹੋਰ ਮਜ਼ਬੂਤ ਕਰਨ ਤੇ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਸੰਘਰਸ਼ ਦੀ ਆਜ਼ਾਦੀ ਦੀ ਰਾਖੀ ਕਰਨੀ ਵੀ ਜ਼ਰੂਰੀ ਹੈ। ਕਿਸਾਨ ਸੰਘਰਸ਼ ਦੀ ਧਾਰ ਭਾਜਪਾਈ ਹਕੂਮਤ ਤੇ ਕਾਰਪੋਰੇਟ ਗੱਠਜੋੜ ਦੇ ਹਮਲੇ ਖਿਲਾਫ ਸੇਧਿਤ ਕਰਦਿਆਂ ਦੇਸ਼ ਭਰ ਦੇ ਕਿਸਾਨਾਂ ਦਾ ਏਕਾ ਮਜ਼ਬੂਤ ਕਰਨਾ ਚਾਹੀਦਾ ਹੈ।
photo26 ਜਨਵਰੀ ਦੀਆਂ ਘਟਨਾਵਾਂ ਬਾਰੇ ਟਿੱਪਣੀਆਂ ਕਰਦਿਆਂ ਉਹਨਾਂ ਕਿਹਾ ਕਿ ਸੰਘਰਸ਼ ਅੰਦਰ ਘੁਸੀਆਂ ਹੋਈਆਂ ਪਰਾਈਆਂ ਸ਼ਕਤੀਆਂ ਰਾਹੀਂ ਮੋਦੀ ਹਕੂਮਤ ਨੇ ਸੰਘਰਸ਼ 'ਤੇ ਵਿਸ਼ੇਸ਼ ਫ਼ਿਰਕੇ ਦਾ ਲੇਬਲ ਲਾਉਣ ਦਾ ਯਤਨ ਕੀਤਾ ਸੀ ਤੇ ਇਸ ਰਾਹੀਂ ਇਸਨੂੰ ਫਿਰਕੂ ਰਾਸ਼ਟਰਵਾਦ ਦੇ ਹਮਲੇ ਹੇਠ ਲਿਆਉਣਾ ਚਾਹਿਆ ਸੀ ਜਿਸਨੂੰ ਦੇਸ਼ ਭਰ ਦੇ ਕਿਸਾਨਾਂ ਦੇ ਏਕੇ ਤੇ ਸੰਘਰਸ਼ ਤਾਂਘ ਨੇ ਇੱਕ ਵਾਰ ਸਫਲਤਾ ਨਾਲ ਪਛਾੜ ਦਿੱਤਾ ਹੈ। ਉਹਨਾਂ ਮੁਲਕ ਦੇ ਕਿਰਤੀ ਲੋਕਾਂ ਵੱਲੋਂ ਸਾਮਰਾਜੀ ਬਹੁਕੌਮੀ ਕੰਪਨੀਆਂ ਖਿਲਾਫ਼ ਜੂਝਣ ਦੀ ਭਾਵਨਾ ਨੂੰ ਖਰੀ ਦੇਸ਼ ਭਗਤੀ ਕਰਾਰ ਦਿੱਤਾ।
photoਉਨ੍ਹਾਂ ਮੰਗ ਕੀਤੀ ਕਿ ਸੰਘਰਸ਼ ਅੰਦਰ ਗ੍ਰਿਫ਼ਤਾਰ ਕੀਤੇ ਸਭਨਾਂ ਕਿਸਾਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ ਤੇ ਝੂਠੇ ਕੇਸ ਰੱਦ ਕੀਤੇ ਜਾਣ। 26 ਤਰੀਕ ਨੂੰ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ।ਰੈਲੀ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਇਕ ਇਤਿਹਾਸਕ ਕਿਸਾਨ ਅੰਦੋਲਨ ਹੈ। ਇਸ ਦੀ ਕਾਮਯਾਬੀ ਲਈ ਜਾਤਾਂ,ਧਰਮਾਂ ,ਇਲਾਕਿਆਂ ਤੋਂ ਉਪਰ ਉਠ ਕੇ ਏਕੇ ਨੂੰ ਹੋਰ ਮਜ਼ਬੂਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਕਿਸਾਨ ਆਪਣੇ ਸਿਦਕ ਤੇ ਸਬਰ ਨਾਲ ਆਉਣ ਵਾਲੇ ਦਿਨਾਂ ਵਿੱਚ ਜਿੱਤ ਦੀ ਨਵੀਂ ਇਬਾਰਤ ਲਿਖਣਗੇ।
photoਬੇ.ਕੇ.ਯੂ ਏਕਤਾ (ਉਗਰਾਹਾਂ) ਦੀ ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਔਰਤਾਂ ਨੇ ਹੁਣ ਤੱਕ ਇਸ ਸੰਘਰਸ਼ ਅੰਦਰ ਬਹੁਤ ਅਹਿਮ ਹਿੱਸਾ ਪਾਇਆ ਹੈ। ਕਿਸਾਨ ਅਤੇ ਔਰਤਾਂ ਇਸ ਸੰਘਰਸ਼ ਅੰਦਰ ਇੱਕ ਹੋਣਹਾਰ ਜਾਨਦਾਰ ਧਿਰ ਹਨ ਤੇ ਇਸ ਧਿਰ ਦੀ ਸ਼ਮੂਲੀਅਤ ਸੰਘਰਸ਼ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਬਹੁਤ ਜ਼ਰੂਰੀ ਹੈ। ਖੇਤ ਮਜ਼ਦੂਰ ਔਰਤਾਂ ਨੂੰ ਵੀ ਅਜਿਹੀ ਧਿਰ ਵਜੋਂ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਤੇ ਮਜ਼ਦੂਰ ਆਗੂ ਨੌਦੀਪ ਕੌਰ ਗੰਧੜ੍ਹ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਬਿਨਾ ਸ਼ਰਤ ਰਿਹਾਈ ਦੀ ਮੰਗ ਕੀਤੀ।