
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ
ਲਖੀਮਪੁਰ : ਲਖੀਮਪੁਰ ਖੇੜੀ ਮਾਮਲੇ ਵਿੱਚ ਪੀੜਤ ਪਰਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ, ਜੋ ਕਿ ਇਸ ਮਾਮਲੇ ਵਿਚ ਦੋਸ਼ੀ ਹੈ, ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਦਿਨੀਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਮਾਨਤ ਮਿਲਣ ਤੋਂ ਬਾਅਦ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੇ ਫ਼ੈਸਲੇ ਦਾ ਵਿਰੋਧ ਕੀਤਾ ਅਤੇ ਹੁਕਮ ਨੂੰ ਚੁਣੌਤੀ ਦੇਣ ਲਈ ਕਿਹਾ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ 'ਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਭਾਜਪਾ ਨੇਤਾਵਾਂ ਦੇ ਕਾਫਲੇ ਦੀ ਇਕ ਕਾਰ ਚੜ੍ਹ ਗਈ ਸੀ।
Supreme Court
ਇਸ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦਾ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ।ਐਸਆਈਟੀ ਨੇ ਲਖੀਮਪੁਰ ਖੇੜੀ ਦੇ ਟਿਕੁਨੀਆ ਪਿੰਡ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਤਿੰਨ ਮਹੀਨਿਆਂ ਦੇ ਅੰਦਰ 5000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ। ਇਸ 'ਚ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਉਂਦੇ ਹੋਏ 13 ਦੋਸ਼ੀ ਬਣਾਏ ਗਏ ਸਨ। ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਤਲ, ਕਤਲ ਦੀ ਕੋਸ਼ਿਸ਼, ਕਤਲ ਦੀਆਂ ਧਾਰਾਵਾਂ ਸਮੇਤ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਗਈ।
lakhimpur case
10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਆਸ਼ੀਸ਼ ਮਿਸ਼ਰਾ ਮੋਨੂੰ ਦੀ ਜ਼ਮਾਨਤ ਅਰਜ਼ੀ ਨੂੰ ਸ਼ਰਤ ਨਾਲ ਮਨਜ਼ੂਰ ਕਰ ਲਿਆ ਸੀ। ਪਰ ਜ਼ਮਾਨਤ ਦੇ ਹੁਕਮਾਂ ਵਿੱਚ ਧਾਰਾ 302 ਅਤੇ 120 ਬੀ ਦਾ ਜ਼ਿਕਰ ਨਹੀਂ ਸੀ।
Ashish Mishra
ਇਸ ਲਈ 11 ਫਰਵਰੀ ਨੂੰ ਅਸ਼ੀਸ਼ ਮਿਸ਼ਰਾ ਦੇ ਵਕੀਲ ਨੇ ਜ਼ਮਾਨਤ ਦੇ ਹੁਕਮਾਂ 'ਚ ਸੁਧਾਰ ਦੀ ਅਦਾਲਤ 'ਚ ਅਰਜ਼ੀ ਦਿੱਤੀ ਸੀ, ਜਿਸ ਤੋਂ ਬਾਅਦ 14 ਫਰਵਰੀ ਨੂੰ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਜ਼ਮਾਨਤ ਦੇ ਹੁਕਮ 'ਚ ਕਤਲ ਅਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਜੋੜਨ ਦੇ ਹੁਕਮ ਦਿੱਤੇ ਸਨ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਾ ਹੁਕਮ 14 ਫਰਵਰੀ ਨੂੰ ਜ਼ਿਲ੍ਹਾ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਜੇਲ ਪ੍ਰਸ਼ਾਸਨ ਨੇ ਆਸ਼ੀਸ਼ ਮਿਸ਼ਰਾ ਮੋਨੂੰ ਨੂੰ ਰਿਹਾਅ ਕਰ ਦਿੱਤਾ।