
11ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਕੋਲ ਕੀਤਾ ਘਟਨਾ ਦਾ ਖੁਲਾਸਾ
ਗੁਰੂਗ੍ਰਾਮ - ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਸ 'ਚ ਇੱਕ 17 ਸਾਲਾ ਲੜਕੀ ਨੇ ਆਪਣੇ ਪਿਤਾ ਅਤੇ ਭਰਾ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।
ਕਥਿਤ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ 11ਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਤੋਂ ਬਾਅਦ ਪ੍ਰਿੰਸੀਪਲ ਅਤੇ ਅਧਿਆਪਕ ਵਿਦਿਆਰਥਣ ਨੂੰ ਥਾਣੇ ਲੈ ਗਏ।
ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਲੜਕੀ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਨੂੰ ਦੱਸਿਆ ਕਿ ਉਸ ਦੇ ਪਿਤਾ ਅਤੇ ਭਰਾ ਨੇ ਉਸ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਣਗੇ।
ਅਧਿਕਾਰੀਆਂ ਨੇ ਕਿਹਾ ਕਿ ਲੜਕੀ ਦੀ ਚਾਰ ਘੰਟਿਆਂ ਦੀ ਕਾਉਂਸਲਿੰਗ ਅਤੇ ਪੁੱਛਗਿੱਛ ਤੋਂ ਬਾਅਦ, ਖੇਰਕੀ ਦੌਲਾ ਥਾਣੇ ਵਿੱਚ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਐਕਟ ਦੀਆਂ ਧਾਰਾਵਾਂ ਤਹਿਤ ਇੱਕ ਐਫ਼.ਆਈ.ਆਰ. ਦਰਜ ਕੀਤੀ ਗਈ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਤੱਥਾਂ ਦੀ ਜਾਂਚ ਕਰ ਰਹੇ ਹਾਂ ਅਤੇ ਕਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।"