
ਹੁਕਮ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਗਿਆ
Delhi government withdraws order cancelling leave of officials: ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਪਾਕਿਸਤਾਨ ਨਾਲ ਹੋਏ ਫ਼ੌਜੀ ਟਕਰਾਅ ਦੇ ਮੱਦੇਨਜ਼ਰ ਆਪਣੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਆਪਣੇ ਹੁਕਮ ਨੂੰ ਵਾਪਸ ਲੈ ਲਿਆ।
ਦਿੱਲੀ ਸਰਕਾਰ ਦੇ ਸੇਵਾ ਵਿਭਾਗ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਾਰੀਆਂ ਛੁੱਟੀਆਂ ਰੱਦ ਕਰਨ ਸੰਬੰਧੀ 8 ਮਈ ਦੇ ਆਪਣੇ ਪਹਿਲੇ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਿਆ ਜਾਂਦਾ ਹੈ।
8 ਮਈ ਦੇ ਆਪਣੇ ਹੁਕਮ ਵਿੱਚ, ਵਿਭਾਗ ਨੇ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ੌਜੀ ਟਕਰਾਅ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ।
ਹਾਲਾਂਕਿ, ਕੁਝ ਦਿਨਾਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਕਿਉਂਕਿ 10 ਮਈ ਨੂੰ ਦੋਵਾਂ ਦੇਸ਼ਾਂ ਨੇ ਤੁਰੰਤ ਪ੍ਰਭਾਵ ਨਾਲ ਫ਼ੌਜੀ ਕਾਰਵਾਈ ਰੋਕਣ ਦਾ ਫ਼ੈਸਲਾ ਕੀਤਾ।
ਭਾਰਤੀ ਹਥਿਆਰਬੰਦ ਬਲਾਂ ਨੇ 6-7 ਮਈ ਦੀ ਰਾਤ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅਤਿਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ, ਜੋ ਕਿ 22 ਅਪ੍ਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦਾ ਭਾਰਤ ਦਾ ਜਵਾਬ ਸੀ। ਪਹਿਲਗਾਮ ਅਤਿਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ।