
ED ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ 21 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ
Arvind Kejriwal : ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ 24 ਘੰਟਿਆਂ ਦੇ ਅੰਦਰ ਹੀ ਰੋਕ ਲੱਗ ਗਈ ਹੈ। ਦਿੱਲੀ ਹਾਈਕੋਰਟ ਦੇ ਛੁੱਟੀ ਵਾਲੇ ਬੈਂਚ ਨੇ ਸ਼ੁੱਕਰਵਾਰ ਨੂੰ ਈਡੀ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ- ਅਸੀਂ ਦਲੀਲਾਂ 'ਤੇ ਵਿਚਾਰ ਕਰ ਰਹੇ ਹਾਂ। ਅਸੀਂ ਸੋਮਵਾਰ-ਮੰਗਲਵਾਰ (24 ਜਾਂ 25 ਜੂਨ) ਨੂੰ ਫੈਸਲਾ ਸੁਣਾਵਾਂਗੇ। ਉਦੋਂ ਤੱਕ ਰਾਉਸ ਐਵੇਨਿਊ ਕੋਰਟ ਦੇ ਫੈਸਲੇ 'ਤੇ ਰੋਕ ਰਹੇਗੀ।
ਦਰਅਸਲ 20 ਜੂਨ ਨੂੰ ਰਾਤ 8 ਵਜੇ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਨਿਆ ਬਿੰਦੂ ਦੀ ਬੈਂਚ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ। ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ।
ED ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ 21 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਜਸਟਿਸ ਸੁਧੀਰ ਜੈਨ ਅਤੇ ਜਸਟਿਸ ਰਵਿੰਦਰ ਡੂਡੇਜਾ ਦੀ ਬੈਂਚ 'ਚ ਈਡੀ ਦੇ ਵਕੀਲ ਐੱਸਵੀ ਰਾਜੂ ਨੇ ਕਿਹਾ- ਹੇਠਲੀ ਅਦਾਲਤ ਦਾ ਫੈਸਲਾ ਸਹੀ ਨਹੀਂ ਹੈ। ਸਾਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ ਪੂਰਾ ਸਮਾਂ ਨਹੀਂ ਮਿਲਿਆ। ਬੈਂਚ ਨੇ 5 ਘੰਟੇ ਦੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਏਐਸਜੀ ਐਸਵੀ ਰਾਜੂ ਨੇ ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ - ਅੱਜ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਅੰਤਿਮ ਆਦੇਸ਼ 2-4 ਦਿਨਾਂ ਵਿੱਚ ਆ ਜਾਵੇਗਾ। ਜ਼ਮਾਨਤ ਪਟੀਸ਼ਨ ਰੱਦ ਕਰਨ 'ਤੇ ਸੁਣਵਾਈ ਬਾਅਦ 'ਚ ਹੋਵੇਗੀ ਅਤੇ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।
ਈਡੀ ਦੀ ਤਰਫੋਂ ASG ਐਸਵੀ ਰਾਜੂ, ਕੇਜਰੀਵਾਲ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਨੇ ਕਰੀਬ 5 ਘੰਟੇ ਤਕ ਦਲੀਲਾਂ ਪੇਸ਼ ਕੀਤੀਆਂ। ਹਾਈ ਕੋਰਟ ਨੇ ਸਾਰੇ ਵਕੀਲਾਂ ਨੂੰ ਸੋਮਵਾਰ ਤੱਕ ਲਿਖਤੀ ਦਲੀਲਾਂ ਦਾਇਰ ਕਰਨ ਲਈ ਕਿਹਾ ਹੈ।