
ਦਿੱਲੀ ਦੇ ਮੁੱਖ ਮੰਤਰੀ ਨਾਲ 'ਲੋੜੀਂਦੇ ਅਤਿਵਾਦੀ' ਵਰਗਾ ਵਿਵਹਾਰ ਕੀਤਾ ਜਾ ਰਿਹਾ ਹੈ - ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਦੀ ਜ਼ਮਾਨਤ ਦੇ ਆਦੇਸ਼ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੇਠਲੀ ਅਦਾਲਤ ਦੀ ਵੈੱਬਸਾਈਟ 'ਤੇ ਅਪਲੋਡ ਕਰਨ ਤੋਂ ਪਹਿਲਾਂ ਹੀ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ।
ਦੱਖਣੀ ਦਿੱਲੀ ਦੇ ਭੋਗਲ ਇਲਾਕੇ 'ਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਦੇਸ਼ 'ਚ ਤਾਨਾਸ਼ਾਹੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ
ਅਤੇ ਦਿੱਲੀ ਦੇ ਮੁੱਖ ਮੰਤਰੀ ਨਾਲ 'ਲੋੜੀਂਦੇ ਅਤਿਵਾਦੀ' ਵਰਗਾ ਵਿਵਹਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਹਰਿਆਣਾ ਤੋਂ ਰੋਜ਼ਾਨਾ ਆਪਣੇ ਹਿੱਸੇ ਦਾ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਦੱਖਣੀ ਦਿੱਲੀ ਦੇ ਭੋਗਲ ਇਲਾਕੇ 'ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।
ਆਤਿਸ਼ੀ ਦੇ ਨਾਲ ਮੌਜੂਦ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਹੇਠਲੀ ਅਦਾਲਤ ਦੀ ਵੈੱਬਸਾਈਟ 'ਤੇ ਜ਼ਮਾਨਤ ਦਾ ਆਦੇਸ਼ ਅਪਲੋਡ ਹੋਣ ਤੋਂ ਪਹਿਲਾਂ ਹੀ ਈਡੀ ਨੇ ਇਸ ਨੂੰ ਰੋਕਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੇਸ਼ ਵਿਚ ਤਾਨਾਸ਼ਾਹੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਹਾਲਾਂਕਿ, ਹਾਈ ਕੋਰਟ ਦਾ ਆਦੇਸ਼ ਆਉਣਾ ਅਜੇ ਬਾਕੀ ਹੈ। ਸਾਨੂੰ ਉਮੀਦ ਹੈ ਕਿ ਅਦਾਲਤ ਨਿਆਂ ਕਰੇਗੀ। "
ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਦਿੱਤੀ ਗਈ ਰਾਹਤ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ 'ਤੇ ਸੁਣਵਾਈ ਹੋਣ ਤੱਕ ਮੁੱਖ ਮੰਤਰੀ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਆਦੇਸ਼ 'ਤੇ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਈਡੀ ਨੇ ਜਸਟਿਸ ਸੁਧੀਰ ਕੁਮਾਰ ਜੈਨ ਅਤੇ ਰਵਿੰਦਰ ਡੁਡੇਜਾ ਦੀ ਬੈਂਚ ਦੇ ਸਾਹਮਣੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਦਾ ਜ਼ਿਕਰ ਕੀਤਾ।