ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਹੋਈ ਪੇਸ਼ੀ
ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਦੌਰਾਨ ਪੁਲ ਬੰਗਸ਼ ਗੁਰਦੁਆਰਾ ਸਾਹਿਬ ਵਿਚ ਹੋਏ ਕਤਲੇਆਮ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਅੱਜ ਵੀਡੀਉ ਕਾਨਫ਼ਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਰਾਊਜ਼ ਐਵੇਨਿਊ ਅਦਾਲਤ ਵਲੋਂ ਦਸਤਾਵੇਜ਼ਾਂ ਦੇ ਪਰੀਖਣ ਲਈ ਸੁਣਵਾਈ ਨੂੰ ਟਾਲ ਦਿਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 29 ਅਗਸਤ ਨੂੰ ਹੋਵੇਗੀ।
ਇਹ ਵੀ ਪੜ੍ਹੋ: ਜ਼ਿਲ੍ਹਾ ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ ਨਾਬਾਲਗ ਦੀ ਗਈ ਜਾਨ
ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ 10 ਅਗਸਤ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤੀ ਸੁਣਵਾਈ ਦੌਰਾਨ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿਤੀ ਸੀ। ਟਾਈਟਲਰ ਦੇ ਵਕੀਲ ਨੇ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਵੀਡੀਉ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।
ਇਹ ਵੀ ਪੜ੍ਹੋ: ਅੰਬਾਲਾ 'ਚ ਪਟਿਆਲਾ ਦੇ ਪਿਓ-ਪੁੱਤ ਦੀ ਹੋਈ ਮੌਤ, ਇਕ ਜ਼ਖ਼ਮੀ
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਨੇ 20 ਮਈ ਨੂੰ ਦਾਖ਼ਲ ਅਪਣੀ ਚਾਰਜਸ਼ੀਟ ’ਚ ਦੋਸ਼ ਲਾਇਆ ਹੈ ਕਿ ਟਾਈਟਲਰ ਨੇ 1 ਨਵੰਬਰ, 1984 ਨੂੰ ਆਜ਼ਾਦ ਮਾਰਕੀਟ ’ਚ ਪੁਲ ਬੰਗਸ਼ ਗੁਰਦੁਆਰਾ ਸਾਹਿਬ ’ਚ ਇਕੱਠੀ ਭੀੜ ਨੂੰ ‘ਭੜਕਾਇਆ’ ਜਿਸ ਦੇ ਨਤੀਜੇ ਵਜੋਂ ਗੁਰਦੁਆਰਾ ਸਾਹਿਬ ਨੂੰ ਸਾੜ ਦਿਤਾ ਗਿਆ ਅਤੇ ਤਿੰਨ ਸਿੱਖਾਂ - ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿਤਾ ਗਿਆ। ਏਜੰਸੀ ਨੇ ਸਾਬਕਾ ਕੇਂਦਰੀ ਮੰਤਰੀ ਵਿਰੁਧ ਆਈ.ਪੀ.ਸੀ. ਦੀ ਧਾਰਾ 147 (ਦੰਗਾ), 149 (ਗ਼ੈਰਕਾਨੂੰਨੀ ਇਕੱਠ), 153ਏ (ਭੜਕਾਊ ਕਾਰਾ), 109 (ਉਕਸਾਉਣਾ) ਦੇ ਨਾਲ 302 (ਕਤਲ), 295 (ਧਾਰਮਥ ਥਾਵਾਂ ਨੂੰ ਅਪਵਿੱਤਰ ਕਰਨਾ) ਤਹਿਤ ਦੋਸ਼ ਲਾਏ ਹਨ।