
ਸੀਐੱਮ ਆਤਿਸ਼ੀ ਨੇ ਦਿੱਲੀ ਦੇ ਲੋਕਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸਹੁੰ ਚੁੱਕਣ ਤੋਂ ਬਾਅਦ ਸਨਿਚਰਵਾਰ ਨੂੰ ਅਪਣੀ ਪਹਿਲੀ ਟਿਪਣੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਅਪਣੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁਧ ‘ਸਾਜ਼ਸ਼’ ਰਚਣ ਦਾ ਦੋਸ਼ ਲਾਇਆ ਅਤੇ ਰਾਜਧਾਨੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਅਗਲੇ ਸਾਲ ਦੇ ਸ਼ੁਰੂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਦੀ ਚੋਟੀ ਦੇ ਅਹੁਦੇ ’ਤੇ ਵਾਪਸੀ ਹੋਵੇ।
ਆਤਿਸ਼ੀ ਨੇ ਕਿਹਾ ਕਿ ਇਹ ਉਨ੍ਹਾਂ ਲਈ ‘ਭਾਵਨਾਤਮਕ ਦਿਨ’ ਹੈ ਕਿਉਂਕਿ ਕੇਜਰੀਵਾਲ ਮੁੱਖ ਮੰਤਰੀ ਨਹੀਂ ਹੋਣਗੇ। ਕੇਜਰੀਵਾਲ ਨੂੰ ਅਪਣਾ ਗੁਰੂ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਹ ਮੇਰੇ ਲਈ ਬਹੁਤ ਭਾਵੁਕ ਪਲ ਹੈ ਕਿਉਂਕਿ ਉਹ ਹੁਣ ਮੁੱਖ ਮੰਤਰੀ ਨਹੀਂ ਰਹਿਣਗੇ। ਉਹ ਸਾਰਿਆਂ ਦੇ ਦਰਦ ਨੂੰ ਸਮਝਦੇ ਸਨ। ਉਨ੍ਹਾਂ ਨੇ ਲੋਕਾਂ ਲਈ ਮੁਫਤ ਇਲਾਜ ਨੂੰ ਯਕੀਨੀ ਬਣਾਇਆ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ, ਔਰਤਾਂ ਲਈ ਮੁਫਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ। ਭਾਜਪਾ ਨੇ ਉਸ ਨੂੰ ਝੂਠੇ ਕੇਸ ’ਚ ਫਸਾਇਆ ਅਤੇ ਉਸ ਨੂੰ ਤੋੜਨ ਦੀ ਹਰ ਕੋਸ਼ਿਸ਼ ਕੀਤੀ।’’
ਉਨ੍ਹਾਂ ਆਬਕਾਰੀ ਨੀਤੀ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਨੈਤਿਕਤਾ ਦੀ ਮਿਸਾਲ ਕਾਇਮ ਕਰਨ ਲਈ ਕੇਜਰੀਵਾਲ ਦੀ ਸ਼ਲਾਘਾ ਕੀਤੀ।