
ਨਫ਼ਰਤ ਭਰੇ ਭਾਸ਼ਣਾਂ ਬਾਰੇ ਸੁਪਰੀਮ ਕੋਰਟ ਦੀ ਦੋ-ਟੁੱਕ, ਬਿਨਾਂ ਉਡੀਕ ਕੀਤਿਆਂ ਦਰਜ ਹੋਵੇ ਅਪਰਾਧਿਕ ਮਾਮਲਾ
ਨਵੀਂ ਦਿੱਲੀ - ਨਫ਼ਰਤ ਭਰੇ ਭਾਸ਼ਣਾਂ ਨੂੰ ਇੱਕ 'ਬਹੁਤ ਗੰਭੀਰ ਮੁੱਦਾ' ਦੱਸਦੇ ਹੋਏ, ਸੁਪਰੀਮ ਕੋਰਟ ਨੇ ਸ਼ੁੱਕਰਵਾਰ 21 ਅਕਤੂਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੱਲੋਂ ਸ਼ਿਕਾਇਤ ਦਾਇਰ ਕੀਤੇ ਜਾਣ ਦੀ ਉਡੀਕ ਕੀਤੇ ਬਿਨਾਂ, ਦੋਸ਼ੀਆਂ ਵਿਰੁੱਧ ਤੁਰੰਤ ਅਪਰਾਧਿਕ ਕੇਸ ਖ਼ੁਦ ਦਰਜ ਕਰਨ। ਇਸ 'ਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਦੇਰੀ ਅਦਾਲਤ ਦੀ ਮਾਣਹਾਨੀ ਨੂੰ ਸੱਦਾ ਹੋਵੇਗੀ।
ਜਸਟਿਸ ਕੇ.ਐਮ. ਜੋਜ਼ਫ਼ ਅਤੇ ਹਰਿਸ਼ੀਕੇਸ਼ ਰਾਏ ਦੀ ਬੈਂਚ ਨੇ ਸ਼ਾਹੀਨ ਅਬਦੁੱਲਾ ਨਾਂਅ ਦੇ ਵਿਅਕਤੀ ਵੱਲੋਂ ਦਾਇਰ ਪਟੀਸ਼ਨ 'ਤੇ ਦੋਵਾਂ ਸੂਬਾ ਸਰਕਾਰਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਸੁਰੱਖਿਅਤ ਰੱਖਣ ਲਈ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਧਾਰਮਿਕ ਵਖਰੇਵੇਂ ਦੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।