
27 ਨਵੰਬਰ ਨੂੰ ਕਿਸਾਨ ਮੋਰਚੇ ਦੀ ਅਗਲੀ ਬੈਠਕ ਹੋਵੇਗੀ। ਇਸ ਬੈਠਕ ’ਚ ਅੰਦੋਲਨ ਦੇ ਭਵਿੱਖ ਦੀ ਰਣਨੀਤੀ ’ਤੇ ਫ਼ੈਸਲਾ ਹੋਵੇਗਾ।
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ ਹੋਈ। ਇਸ ਬੈਠਕ ’ਚ ਕਿਸਾਨ ਆਗੂਆਂ ਨੇ ਵੱਡਾ ਫ਼ੈਸਲਾ ਲਿਆ ਹੈ। ਉਹਨਾਂ ਨੇ ਅਪਣੇ ਸਾੰਝੇ ਬਿਆਨ ਵਿਚ ਕਿਹਾ ਕਿ ਫ਼ਿਲਹਾਲ ਸਾਡਾ ਅੰਦੋਲਨ ਜਾਰੀ ਰਹੇਗਾ। ਕਿਸਾਨ ਦਿੱਲੀ ਮੋਰਚੇ 'ਤੇ ਡਟੇ ਰਹਿਣਗੇ। ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ। 27 ਨਵੰਬਰ ਨੂੰ ਕਿਸਾਨ ਮੋਰਚੇ ਦੀ ਅਗਲੀ ਬੈਠਕ ਹੋਵੇਗੀ। ਇਸ ਬੈਠਕ ’ਚ ਅੰਦੋਲਨ ਦੇ ਭਵਿੱਖ ਦੀ ਰਣਨੀਤੀ ’ਤੇ ਫ਼ੈਸਲਾ ਹੋਵੇਗਾ।
Farmers Protest
ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਆਪਣੀਆਂ ਬਾਕੀ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੀ ਚਿੱਠੀ ਲਿਖਣਗੇ। ਇਸ ’ਚ ਬਿਜਲੀ ਬਿੱਲ 2020, ਐੱਮ. ਐੱਸ. ਪੀ., ਪਰਾਲੀ ’ਤੇ ਕਾਨੂੰਨ ਅਤੇ ਲਖੀਮਪੁਰ ਹਿੰਸਾ ਕਾਂਡ ਬਾਰੇ ਲਿਖਿਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ’ਤੇ ਦਰਜ ਮੁਕੱਦਮੇ ਵਾਪਸ ਲੈਣ ਬਾਰੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ’ਚ ਲਿਖਣਗੇ। ਚਿੱਠੀ ’ਚ ਕੀ-ਕੀ ਹੋਰ ਮੰਗਾਂ ਹਨ, ਉਸ ਨੂੰ ਪ੍ਰੈੱਸ ’ਚ ਰਿਲੀਜ਼ ਕੀਤਾ ਜਾਵੇਗਾ।
Farmers Protest
ਰਾਜੇਵਾਲ ਨੇ ਕਿਹਾ ਕਿ 22 ਨਵੰਬਰ ਨੂੰ ਲਖਨਊ ਵਿਚ ਕਿਸਾਨ ਮਹਾਪੰਚਾਇਤ ਹੋਵੇਗੀ। 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ ’ਤੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਇਕੱਠ ਹੋਵੇਗਾ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਸੰਸਦ ਮਾਰਚ ਦੇ ਪ੍ਰੋਗਰਾਮ ਨੂੰ ਲੈ ਕੇ 27 ਨਵੰਬਰ ਨੂੰ ਹੋਣ ਵਾਲੀ ਬੈਠਕ ’ਚ ਫ਼ੈਸਲਾ ਲਿਆ ਜਾਵੇਗਾ।