
ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 10 ਲੱਖ ਮੁਲਾਜ਼ਮਾਂ ਲਈ "ਰੁਜ਼ਗਾਰ ਮੇਲਾ" ਭਰਤੀ ਮੁਹਿੰਮ ਤਹਿਤ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਪੀਐਮਓ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦੇਣ ਪ੍ਰਤੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ "ਰੁਜ਼ਗਾਰ ਮੇਲਾ" ਇਕ ਮਹੱਤਵਪੂਰਨ ਕਦਮ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ "ਰੁਜ਼ਗਾਰ ਮੇਲਾ" ਰੁਜ਼ਗਾਰ ਸਿਰਜਣ ਵਿਚ ਇਕ ਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਹਨਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿਚ ਸਿੱਧੀ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ 'ਚ ਪ੍ਰਧਾਨ ਮੰਤਰੀ ਨੇ ''ਰੁਜ਼ਗਾਰ ਮੇਲਾ'' ਸ਼ੁਰੂ ਕੀਤਾ ਸੀ। ਉਹਨਾਂ ਨੇ ਇਕ ਸਮਾਗਮ ਦੌਰਾਨ 75,000 ਨਵੇਂ ਭਰਤੀ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੀਐਮਓ ਨੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਦੇਸ਼ ਭਰ ਵਿਚ 45 ਥਾਵਾਂ 'ਤੇ ਤਾਇਨਾਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਪਿਛਲੀ ਵਾਰ ਜਿਨ੍ਹਾਂ ਵਰਗਾਂ ਵਿਚ ਨੌਜਵਾਨਾਂ ਦੀ ਨਿਯੁਕਤੀ ਕੀਤੀ ਗਈ ਸੀ, ਉਸ ਤੋਂ ਇਲਾਵਾ ਇਸ ਵਾਰ ਅਧਿਆਪਕ, ਲੈਕਚਰਾਰ, ਨਰਸਾਂ, ਨਰਸਿੰਗ ਅਫ਼ਸਰ, ਡਾਕਟਰ, ਫਾਰਮਾਸਿਸਟ, ਰੇਡੀਓਗ੍ਰਾਫਰ ਅਤੇ ਹੋਰ ਤਕਨੀਕੀ ਅਤੇ ਪੈਰਾ-ਮੈਡੀਕਲ ਅਸਾਮੀਆਂ ’ਤੇ ਵੀ ਨਿਯੁਕਤੀ ਕੀਤੀ ਜਾਵੇਗੀ।
ਪੀਐਮਓ ਨੇ ਦੱਸਿਆ ਕਿ ਇਸ ਵਾਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੱਖ-ਵੱਖ ਕੇਂਦਰੀ ਬਲਾਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਵ-ਨਿਯੁਕਤ ਕਰਮਚਾਰੀਆਂ ਲਈ ਆਯੋਜਿਤ ਕੀਤੇ ਜਾਣ ਵਾਲੇ ਆਨਲਾਈਨ ਓਰੀਐਂਟੇਸ਼ਨ ਕੋਰਸ "ਕਰਮਯੋਗੀ ਪ੍ਰਬੰਧ" ਦਾ ਉਦਘਾਟਨ ਵੀ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੇ ਨਿਰਦੇਸ਼ ਦਿੱਤੇ ਸਨ।