
ਕਿਸਾਨਾਂ ਦੇ ਫੈਸਲੇ ‘ਤੇ ਨਰਿੰਦਰ ਤੋਮਰ ਨੇ ਜਤਾਈ ਨਰਾਜ਼ਗੀ
ਨਵੀਂ ਦਿੱਲੀ (ਹਰਦੀਪ ਸਿੰਘ ਭੋਗਲ, ਚਰਨਜੀਤ ਸਿੰਘ ਸੁਰਖ਼ਾਬ): ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਹਾਲਾਂਕਿ ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਕਿਸਾਨ ਕੇਂਦਰ ਦੇ ਪ੍ਰਸਤਾਵ ‘ਤੇ ਮੁੜ ਵਿਚਾਰ ਕਰਨ।
Farmers meeting
ਇਸ ਦੌਰਾਨ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਕਿਸਾਨਾਂ ਦੇ ਫੈਸਲੇ ‘ਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਨਰਾਜ਼ਗੀ ਜਤਾਈ ਹੈ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨ ਕੇਂਦਰ ਸਰਕਾਰ ਤੋਂ ਪਹਿਲਾਂ ਮੀਡੀਆ ਸਾਹਮਣੇ ਕਿਉਂ ਗਏ? ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਸਭ ਤੋਂ ਪਹਿਲਾਂ ਅਪਣਾ ਫੈਸਲਾ ਸਰਕਾਰ ਨੂੰ ਦੱਸਣਾ ਚਾਹੀਦਾ ਸੀ।
Farmers 11th round of talks with government
ਇਸ ਦੌਰਾਨ ਮੀਟਿੰਗ ਵਿਚ ਕੁਝ ਸਮੇਂ ਲਈ ਬਰੇਕ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਰੀਬ 2 ਮਹੀਨੇ ਤੋਂ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹਨ। ਇਸ ਦੌਰਾਨ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 11ਵੇਂ ਗੇੜ ਦੀ ਮੀਟਿੰਗ ਜਾਰੀ ਹੈ। ਮੀਟਿੰਗ ਵਿਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ, ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਹਨ।