
ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 31 ਜਨਵਰੀ 2022 ਤੱਕ ਵਧਾ ਦਿੱਤੀ ਹੈ।
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 31 ਜਨਵਰੀ 2022 ਤੱਕ ਵਧਾ ਦਿੱਤੀ ਹੈ। ਇਸ ਪਾਬੰਦੀ ਦੀ ਸਮਾਂ ਸੀਮਾ 22 ਜਨਵਰੀ ਨੂੰ ਖਤਮ ਹੋ ਰਹੀ ਸੀ। ਜਦੋਂ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ ਤਾਂ ਇਕ ਹਫ਼ਤੇ ਲਈ ਰੈਲੀਆਂ, ਰੋਡ ਸ਼ੋਅ ਅਤੇ ਜਨਤਕ ਮੀਟਿੰਗਾਂ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਨੂੰ ਬਾਅਦ ਵਿਚ 15 ਜਨਵਰੀ ਨੂੰ ਇਕ ਹਫ਼ਤੇ ਲਈ ਵਧਾ ਦਿੱਤਾ ਗਿਆ ਸੀ।
ਹਾਲਾਂਕਿ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਇਸ ਨੂੰ 31 ਜਨਵਰੀ ਤੱਕ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਡੋਰ ਟੂ ਡੋਰ ਪ੍ਰਚਾਰ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ ਦਿੱਤੇ ਹਨ। ਹੁਣ ਡੋਰ ਟੂ ਡੋਰ ਪ੍ਰਚਾਰ ਮੁਹਿੰਮ ਵਿਚ ਪੰਜ ਦੀ ਥਾਂ 10 ਲੋਕ ਹਿੱਸਾ ਲੈ ਸਕਣਗੇ। ਹਾਲਾਂਕਿ ਚੋਣ ਕਮਿਸ਼ਨ ਨੇ ਪਹਿਲੇ ਪੜਾਅ ਵਾਲੀਆਂ ਸੀਟਾਂ 'ਤੇ 28 ਜਨਵਰੀ ਤੋਂ ਬਾਅਦ ਰੈਲੀਆਂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਦੂਜੇ ਪੜਾਅ ਵਾਲੀਆਂ ਵਿਧਾਨ ਸਭਾ ਸੀਟਾਂ 'ਤੇ ਰੈਲੀਆਂ 'ਚ ਵੀ 1 ਫਰਵਰੀ ਤੋਂ ਢਿੱਲ ਦਿੱਤੀ ਗਈ ਹੈ। ਕੋਵਿਡ-19 ਦੇ ਮੱਦੇਨਜ਼ਰ ਜਨਤਕ ਥਾਵਾਂ 'ਤੇ ਵੀਡੀਓ ਵੈਨਾਂ ਦੀ ਵੀ ਇਜਾਜ਼ਤ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਨੇ ਚੋਣ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ ਵਧਾਉਣ ਦਾ ਫੈਸਲਾ ਸਾਰੇ ਸਬੰਧਤ ਪੱਖਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਹੈ।
ਇਸ ਮੁੱਦੇ 'ਤੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ, ਸੂਬਿਆਂ ਦੇ ਚੋਣ ਅਧਿਕਾਰੀਆਂ ਅਤੇ ਸਿਹਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਚੋਣ ਕਮਿਸ਼ਨ ਯੂਪੀ, ਗੋਆ, ਮਨੀਪੁਰ, ਉੱਤਰਾਖੰਡ, ਪੰਜਾਬ ਵਿਚ ਕੋਵਿਡ ਟੀਕਾਕਰਨ ਮੁਹਿੰਮ ਦੀ ਵੀ ਲਗਾਤਾਰ ਸਮੀਖਿਆ ਕਰ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਦੀ ਸੂਬਿਆਂ ਵਿਚ ਕੋਰੋਨਾ ਮਾਮਲਿਆਂ ਦੇ ਗ੍ਰਾਫ 'ਤੇ ਵੀ ਨਜ਼ਰ ਹੈ।