
Aligarh Muslim University: ਸ਼ਹਿਰ ਛੱਡਣ ਤੋਂ ਪਹਿਲਾਂ ਮਨਜ਼ੂਰੀ ਵੀ ਲੈਣੀ ਪਵੇਗੀ ਤੇ ਪ੍ਰਸ਼ਾਸਨ ਨੂੰ ਦਸਣੀਆਂ ਪੈਣਗੀਆਂ ਅਪਣੀਆਂ ਗਤੀਵਿਧੀਆਂ
Aligarh Muslim University: ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਦੁਨੀਆਂ ਭਰ ਤੋਂ ਵਿਦਿਆਰਥੀ ਪੜ੍ਹਨ ਲਈ ਆਉਂਦੇ ਹਨ। ਹਾਲ ਹੀ ਵਿਚ AMU ਨੇ ਵਿਦੇਸ਼ੀ ਵਿਦਿਆਰਥੀਆਂ (ਇਰਾਕ, ਈਰਾਨ ਅਤੇ ਅਫ਼ਗ਼ਾਨਿਸਤਾਨ) ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿਚ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਸਮਾਗਮਾਂ ’ਤੇ ਟਿਪਣੀ ਕਰਨ ਤੋਂ ਰੋਕਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸ਼ਹਿਰ ਛੱਡਣ ਤੋਂ ਪਹਿਲਾਂ ਮਨਜ਼ੂਰੀ ਵੀ ਲੈਣੀ ਪਵੇਗੀ ਅਤੇ ਪ੍ਰਸ਼ਾਸਨ ਨੂੰ ਆਪਣੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦੇਣੀ ਪਵੇਗੀ।
ਏਐਮਯੂ ਦੇ ਡਿਪਟੀ ਪ੍ਰੋਕਟਰ ਪ੍ਰੋਫ਼ੈਸਰ ਸਈਅਦ ਅਲੀ ਨਵਾਜ਼ ਜ਼ੈਦੀ ਨੇ ਮੰਗਲਵਾਰ ਨੂੰ ਦਸਿਆ ਕਿ ਅਸੀਂ ਤਿੰਨਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਉਨ੍ਹਾਂ ਨਾਲ ਮੀਟਿੰਗਾਂ ਕਰ ਰਹੇ ਹਾਂ। ਇਸ ਵਿਚ ਇਰਾਕ, ਈਰਾਨ ਅਤੇ ਅਫ਼ਗ਼ਾਨਿਸਤਾਨ ਦੇ ਵਿਦਿਆਰਥੀ ਸ਼ਾਮਲ ਹਨ। ਜਿਸ ਵਿਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਨਾ ਕਰਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਦਿਤੀ ਜਾ ਰਹੀ ਹੈ।
ਉਲੰਘਣਾ ਕਰਨ ’ਤੇ ਕਾਰਵਾਈ ਕੀਤੀ ਜਾਵੇਗੀ : ਜੇਕਰ ਕੋਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਵਿਰੁਧ ਕਾਰਵਾਈ ਕੀਤੀ ਜਾਵੇਗੀ। ਅਲੀ ਨਵਾਜ਼ ਜ਼ੈਦੀ ਨੇ ਕਿਹਾ ਕਿ ਅਸੀਂ ਆਉਣ ਵਾਲੇ ਦਿਨਾਂ ’ਚ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ’ਤੇ ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਨਾਲ ਚਰਚਾ ਕਰਨ ਜਾ ਰਹੇ ਹਾਂ। ਹਾਲਾਂਕਿ, ਵਿਦਿਆਰਥੀਆਂ ਦੇ ਇਕ ਸਮੂਹ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਰਿਪੋਰਟਾਂ ਮੁਤਾਬਕ ਇਕ ਵਿਦਿਆਰਥੀ ਨੇ ਕਿਹਾ ਕਿ ਇਹ ਫ਼ੈਸਲਾ ਇਕ ਮਹੀਨਾ ਪਹਿਲਾਂ ਤਿੰਨ ਬੰਗਲਾਦੇਸ਼ੀ ਵਿਦਿਆਰਥੀਆਂ ਦੁਆਰਾ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟ ਕਰਨ ਤੋਂ ਬਾਅਦ ਲਿਆ ਗਿਆ। ਇਸ ਤੋਂ ਬਾਅਦ ਏਐਮਯੂ ਵਿਚ ਹਿੰਦੂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ।
ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਨੇ ਦੋ ਵਿਦਿਆਰਥੀਆਂ ਨੂੰ ਕੱਢ ਦਿਤਾ ਸੀ। ਜਦੋਂ ਕਿ ਤੀਜੇ ਲਈ ਚਿਤਾਵਨੀ ਪੱਤਰ ਜਾਰੀ ਕੀਤਾ ਗਿਆ ਸੀ। ਜਿਸ ’ਚ ਉਸ ’ਤੇ ਭਵਿੱਖ ’ਚ ਏਐਮਯੂ ’ਚ ਕੋਈ ਵੀ ਕੋਰਸ ਕਰਨ ’ਤੇ ਪਾਬੰਦੀ ਲਗਾ ਦਿਤੀ ਗਈ ਸੀ। ਇਸ ਸਮੇਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ 26 ਦੇਸ਼ਾਂ ਦੇ ਵਿਦਿਆਰਥੀ ਪੜ੍ਹ ਰਹੇ ਹਨ।