
ਬੈਂਚ ਨੇ ਲੋਨ ਨੂੰ ਹਾਲਾਤ ਬਦਲਣ ’ਤੇ ਨਵੀਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਦੀ ਦਿਤੀ ਆਜ਼ਾਦੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਟਾਰੀ ’ਚ 2700 ਕਰੋੜ ਰੁਪਏ ਦੀ ਕੀਮਤ ਦੀ 532 ਕਿਲੋ ਹੈਰੋਇਨ ਅਤੇ 52 ਕਿਲੋ ਮਿਸ਼ਰਤ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਜੁੜੇ ਕਥਿਤ ਨਸ਼ੀਲੇ ਪਦਾਰਥ ਅਤੇ ਅਤਿਵਾਦ ਦੇ ਮਾਮਲੇ ’ਚ ਇਕ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਸ਼ੁਕਰਵਾਰ ਨੂੰ ਰੱਦ ਕਰ ਦਿਤੀ।
ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਤਾਰਿਕ ਅਹਿਮਦ ਲੋਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕੋਲਿਨ ਗੋਂਸਾਲਵਿਸ ਦੀ ਇਸ ਦਲੀਲ ਨੂੰ ਖਾਰਜ ਕਰ ਦਿਤਾ ਕਿ ਉਸ ਨੂੰ ਜ਼ਮਾਨਤ ਦਿਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਕੋਲੋਂ ਪਾਬੰਦੀਸ਼ੁਦਾ ਪਦਾਰਥ ਬਰਾਮਦ ਨਹੀਂ ਹੋਇਆ ਹੈ। ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਬੈਂਚ ਨੇ ਕਿਹਾ, ‘‘ਦੋਸ਼ ਬਹੁਤ ਗੰਭੀਰ ਹਨ।’’
ਮੁਲਜ਼ਮਾਂ ’ਤੇ 2019 ’ਚ ਅਟਾਰੀ ਏਕੀਕ੍ਰਿਤ ਚੌਕੀ ਰਾਹੀਂ ਪਾਕਿਸਤਾਨ ਤੋਂ ਭਾਰਤ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਨ ਲਈ ਕੇਸ ਦਰਜ ਕੀਤਾ ਗਿਆ ਸੀ ਅਤੇ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਰਹਿਣ ਵਾਲੇ ਲੋਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਅਕਤੂਬਰ 2024 ਦੇ ਹੁਕਮ ਵਿਰੁਧ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਮੋਹਾਲੀ ਦੀ ਵਿਸ਼ੇਸ਼ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਅਦਾਲਤ ਨੇ 11 ਫ਼ਰਵਰੀ, 2021 ਨੂੰ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਸੀ।
ਗੋਂਜਾਲਵਿਸ ਨੇ ਜ਼ਮਾਨਤ ਲਈ ਦਲੀਲ ਦਿਤੀ ਕਿ ਜਿਸ ਟਰੱਕ ’ਚ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਗਈ ਸੀ ਅਤੇ ਗੋਦਾਮ ਉਸ ਦੇ ਮੁਵੱਕਲ ਦਾ ਨਹੀਂ ਸੀ। ਉਨ੍ਹਾਂ ਦਸਿਆ ਕਿ ਇਸ ਮਾਮਲੇ ਦੇ ਚਾਰ ਸਹਿ-ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿਤੀ ਗਈ ਹੈ। ਬੈਂਚ ਨੇ ਲੋਨ ਨੂੰ ਹਾਲਾਤ ਬਦਲਣ ’ਤੇ ਨਵੀਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਦੀ ਆਜ਼ਾਦੀ ਦਿਤੀ।
(ਪੀਟੀਆਈ)