
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ।
ਨਵੀਂ ਦਿੱਲੀ: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਦੌਰੇ 'ਤੇ ਹੋਣਗੇ। ਇਸ ਦੌਰਾਨ ਖੇਤੀਬਾੜੀ, ਪਾਣੀ, ਵਪਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵਿਭਿੰਨ ਖੇਤਰਾਂ ਵਿਚ ਸ਼ਾਨਦਾਰ ਦੁਵੱਲੇ ਸਬੰਧਾਂ ਨੂੰ ਹੋਰ ਵਧੀਆ ਬਣਾਉਣ ਸਬੰਧੀ ਚਰਚਾ ਹੋਣ ਦੀ ਉਮੀਦ ਹੈ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਨਫਤਾਲੀ ਬੇਨੇਟ ਦੇ ਭਾਰਤ ਦੌਰੇ ਦਾ ਅਧਿਕਾਰਤ ਐਲਾਨ ਕਰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨੇਟ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ।
ਇਸ ਵਿਚ ਕਿਹਾ ਗਿਆ ਹੈ ਕਿ ਦੋਵੇਂ ਨੇਤਾ ਇਸ ਤੋਂ ਪਹਿਲਾਂ ਨਵੰਬਰ 2021 ਵਿਚ ਗਲਾਸਗੋ ਵਿਚ ਹੋਏ ਸੀਓਪੀ 26 ਸਿਖਰ ਸੰਮੇਲਨ ਦੌਰਾਨ ਮਿਲੇ ਸਨ ਅਤੇ 16 ਅਗਸਤ 2021 ਨੂੰ ਟੈਲੀਫੋਨ 'ਤੇ ਗੱਲਬਾਤ ਵੀ ਕੀਤੀ ਸੀ। ਪ੍ਰਧਾਨ ਮੰਤਰੀ ਵਜੋਂ ਬੇਨੇਟ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ ਅਜਿਹੇ ਸਮੇਂ 'ਚ ਹੋਇਆ ਹੈ ਜਦੋਂ ਦੋਵੇਂ ਦੇਸ਼ ਆਪਣੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 30ਵੀਂ ਵਰ੍ਹੇਗੰਢ ਅਤੇ ਭਾਰਤ ਅਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ।
ਬਿਆਨ ਅਨੁਸਾਰ ਜੁਲਾਈ 2017 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਯਾਤਰਾ ਦੌਰਾਨ ਭਾਰਤ ਅਤੇ ਇਜ਼ਰਾਈਲ ਦਰਮਿਆਨ ਦੁਵੱਲੇ ਸਬੰਧਾਂ ਨੂੰ ਰਣਨੀਤਕ ਗਠਜੋੜ ਦੇ ਪੱਧਰ ਤੱਕ ਅੱਪਗ੍ਰੇਡ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਕਿਹਾ ਸੀ ਕਿ ਉਹ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 30ਵੀਂ ਵਰ੍ਹੇਗੰਢ ਮਨਾਉਣ ਲਈ ਅਪ੍ਰੈਲ ਦੇ ਪਹਿਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ। ਬੇਨੇਟ ਨੇ ਕਿਹਾ ਸੀ, "ਮੈਂ ਆਪਣੇ ਦੋਸਤ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਦੇ ਸੱਦੇ 'ਤੇ ਭਾਰਤ ਦੀ ਆਪਣੀ ਪਹਿਲੀ ਅਧਿਕਾਰਤ ਯਾਤਰਾ ਨੂੰ ਲੈ ਕੇ ਖੁਸ਼ ਹਾਂ ਅਤੇ ਅਸੀਂ ਮਿਲ ਕੇ ਆਪਣੇ ਦੇਸ਼ਾਂ ਦੇ ਸਬੰਧਾਂ ਨੂੰ ਅੱਗੇ ਲੈ ਕੇ ਜਾਵਾਂਗੇ।"
ਉਹਨਾਂ ਕਿਹਾ ਸੀ ਕਿ ਮੋਦੀ ਨੇ ਭਾਰਤ ਅਤੇ ਇਜ਼ਰਾਈਲ ਵਿਚਾਲੇ ਸਬੰਧਾਂ ਦੀ ਮੁੜ ਸ਼ੁਰੂਆਤ ਕੀਤੀ ਅਤੇ ਇਸ ਦੀ ਇਤਿਹਾਸਕ ਮਹੱਤਤਾ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸਾਡੀਆਂ ਦੋ ਵਿਲੱਖਣ ਸੰਸਕ੍ਰਿਤੀਆਂ - ਭਾਰਤੀ ਸੰਸਕ੍ਰਿਤੀ ਅਤੇ ਯਹੂਦੀ ਸੰਸਕ੍ਰਿਤੀ ਵਿਚਕਾਰ ਸਬੰਧ ਡੂੰਘੇ ਹਨ। ਬੇਨੇਟ ਨੇ ਕਿਹਾ, “ਅਸੀਂ ਭਾਰਤੀਆਂ ਤੋਂ ਬਹੁਤ ਸਾਰੀਆਂ ਚੀਜ਼ਾਂ ਸਿੱਖ ਸਕਦੇ ਹਾਂ ਅਤੇ ਇਹੀ ਅਸੀਂ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਅਸੀਂ ਇਕੱਠੇ ਮਿਲ ਕੇ ਇਨੋਵੇਸ਼ਨ ਅਤੇ ਟੈਕਨਾਲੋਜੀ, ਸੁਰੱਖਿਆ ਅਤੇ ਸਾਈਬਰ, ਖੇਤੀਬਾੜੀ ਅਤੇ ਜਲਵਾਯੂ ਪਰਿਵਰਤਨ ਵਰਗੇ ਖੇਤਰਾਂ ਵਿਚ ਆਪਣੇ ਸਹਿਯੋਗ ਦਾ ਵਿਸਥਾਰ ਕਰਾਂਗੇ।"