
ਬਲਾਤਕਾਰੀਆਂ ਨੂੰ ਹੋਵੇਗੀ ਫ਼ਾਂਸੀ, ਰਾਸ਼ਟਰਪਤੀ ਨੇ ਆਰਡੀਨੈਂਸ 'ਤੇ ਲਾਈ ਮੋਹਰ
ਨਵੀਂ ਦਿੱਲੀ : ਦੇਸ਼ ਭਰ ਵਿਚ ਬੱਚੀਆਂ ਨਾਲ ਬਲਾਤਕਾਰ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿਚ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸਮੇਤ ਸਖ਼ਤ ਸਜ਼ਾ ਵਾਲੇ ਆਰਡੀਨੈਂਸ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਮੋਹਰ ਲਗਾ ਦਿਤੀ ਹੈ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਆਰਡੀਨੈਂਸ 'ਤੇ ਰਾਸ਼ਟਰਪਤੀ ਨੇ ਐਤਵਾਰ ਨੂੰ ਅਪਣੀ ਸਹਿਮਤੀ ਪ੍ਰਗਟਾਉਂਦੇ ਹੋਏ ਦਸਤਖ਼ਤ ਕਰ ਦਿਤੇ।
Rapeਇਸ ਨਵੇਂ ਕਾਨੂੰਨ ਨੂੰ ਪਹਿਲਾਂ ਤੋਂ ਜਾਰੀ ਪੋਕਸੋ ਐਕਟ ਨਾਲ ਜੋੜ ਕੇ ਇਸ ਘਿਨਾਉਣੇ ਅਪਰਾਧ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਸਰਕਾਰ ਨੇ ਇਹ ਸਖ਼ਤ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਪਿਛਲੇ ਦਿਨੀਂ ਦੇਸ਼ ਭਰ ਵਿਚ ਬੱਚੀਆਂ ਨਾਲ ਲਗਾਤਾਰ ਹੋਏ ਦੁਸ਼ਕਰਮਾਂ ਤੋਂ ਬਾਅਦ ਸਰਕਾਰ ਦੀ ਹਰ ਪਾਸੇ ਕਿਰਕਿਰੀ ਹੋ ਰਹੀ ਸੀ।
ਇਸ ਕਾਨੂੰਨ ਤਹਿਤ 12 ਸਾਲ ਤੋਂ ਛੋਟੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਉਣ ਲਈ ਪ੍ਰਬੰਧ ਕੀਤਾ ਗਿਆ ਹੈ ਅਤੇ ਅਦਾਲਤਾਂ ਨੂੰ ਅਜਿਹਾ ਕੇਸਾਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਹਨ। ਇਸ ਤੋਂ ਇਲਾਵਾ ਕਿਸੇ ਵੀ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ ਸਜ਼ਾ 7 ਸਾਲ ਤੋਂ ਵਧਾ ਕੇ 10 ਸਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਅਦਾਲਤ ਬਲਾਤਕਾਰ ਦੇ ਨਾਲ-ਨਾਲ ਜ਼ੁਰਮ ਨੂੰ ਹੋਰ ਘਿਨਾਉਣਾ ਮੰਨਦੀ ਹੈ ਤਾਂ ਸਜ਼ਾ ਨੂੰ ਉਮਰ ਕੈਦ ਵਿਚ ਵੀ ਤਬਦੀਲ ਕੀਤਾ ਜਾ ਸਕਦਾ ਹੈ। President Ram Nath Kovindਜੇਕਰ 16 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਗੈਂਗਰੇਪ ਹੁੰਦਾ ਹੈ ਤਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। 12 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ ਹੋਣ 'ਤੇ 20 ਸਾਲ ਤੋਂ ਉਮਰਕੈਦ ਤਕ ਦੀ ਸਜ਼ਾ ਅਤੇ ਫ਼ਾਂਸੀ ਦੀ ਸਜ਼ਾ ਵੀ ਹੋ ਸਕਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਜਾਂਚ ਜਲਦ ਕੀਤੀ ਜਾਵੇਗੀ। ਅਗਾਊਂ ਜ਼ਮਾਨਤ ਦਾ ਕੋਈ ਪ੍ਰਬੰਧ ਨਹੀਂ ਹੋਵੇਗਾ। ਮਾਮਲੇ ਦਾ ਟਰਾਇਲ ਵੀ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਸਾਰੇ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ ਦੋ ਮਹੀਨੇ ਵਿਚ ਪੂਰੀ ਹੋ ਜਾਣੀ ਚਾਹੀਦੀ ਹੈ। ਛੇ ਮਹੀਨੇ ਵਿਚ ਅਰਜ਼ੀ ਦਾ ਨਿਪਟਾਰਾ ਹੋਣਾ ਚਾਹੀਦਾ ਹੈ।