ਅਤਿਵਾਦੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਇਕ ਅੰਡਰ ਬੈਰਲ ਗ੍ਰਨੇਡ ਲਾਂਚਰ ਅਤੇ ਇਕ ਸੈਟੇਲਾਈਟ ਫੋਨ ਵੀ ਬਰਾਮਦ ਕੀਤਾ ਗਿਆ ਹੈ।
ਜੰਮੂ: ਬਾਹਰੀ ਇਲਾਕੇ ਵਿਚ ਸ਼ੁੱਕਰਵਾਰ ਤੜਕੇ ਇਕ ਫੌਜੀ ਕੈਂਪ ਨੇੜੇ ਹੋਏ ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ ਅਤੇ ਇਕ ਜਵਾਨ ਵੀ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸੁੰਜਵਾਨ ਵਿਚ ਮੁਕਾਬਲਾ ਅਜਿਹੇ ਸਮੇਂ ਹੋਇਆ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਂਬਾ ਜ਼ਿਲ੍ਹੇ ਦੇ ਪ੍ਰਸਤਾਵਿਤ ਦੌਰੇ ਦੇ ਮੱਦੇਨਜ਼ਰ ਦੋ ਦਿਨ ਪਹਿਲਾਂ ਤੋਂ ਜੰਮੂ-ਕਸ਼ਮੀਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਮੁਕਾਬਲੇ ਵਿਚ ਨੌਂ ਜਵਾਨ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਨੇ ਕਿਹਾ ਕਿ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਤੋਂ ਇਲਾਵਾ, ਅਧਿਕਾਰੀਆਂ ਨੇ ਸਾਵਧਾਨੀ ਦੇ ਉਪਾਅ ਵਜੋਂ ਖੇਤਰ ਅਤੇ ਆਲੇ ਦੁਆਲੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿਚ ਕਲਾਸਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਮੁਕੇਸ਼ ਸਿੰਘ ਨੇ ਕਿਹਾ ਕਿ ਦੋ ਹਥਿਆਰਬੰਦ ਅਤਿਵਾਦੀਆਂ ਦੇ ਮਾਰੇ ਜਾਣ ਨਾਲ ਜੰਮੂ ਵਿਚ ਇਕ ਵੱਡਾ ਆਤਮਘਾਤੀ ਹਮਲਾ ਰੋਕ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੇਰ ਦੀ ਡਿਊਟੀ ਲਈ 15 ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਸਵੇਰੇ 4:25 ਵਜੇ ਚੱਢਾ ਕੈਂਪ ਇਲਾਕੇ ਨੇੜੇ ਹਮਲਾ ਕੀਤਾ ਗਿਆ। ਅਰਧ ਸੈਨਿਕ ਬਲ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਬੱਸ 'ਤੇ ਗੋਲੀਬਾਰੀ ਕੀਤੀ ਅਤੇ ਇਕ ਗ੍ਰਨੇਡ ਸੁੱਟਿਆ, ਜਿਸ ਵਿਚ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਐੱਸ ਪੀ ਪਾਟਿਲ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਵੀ ਮੂੰਹਤੋੜ ਜਵਾਬ ਦਿੱਤਾ।
ਸੀਆਈਐਸਐਫ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿਚ ਇਕ ਅਤਿਵਾਦੀ ਵੀ ਮਾਰਿਆ ਗਿਆ। ਸੀਆਈਐਸਐਫ ਨੇ ਬਾਅਦ ਵਿਚ ਟਵੀਟ ਕੀਤਾ ਕਿ ਉਸ ਦੇ ਸੁਰੱਖਿਆ ਕਰਮੀਆਂ 'ਤੇ ਅਤਿਵਾਦੀਆਂ ਨੇ ਹਮਲਾ ਕੀਤਾ ਜਦੋਂ ਉਹ ਇਕ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਉਣ ਜਾ ਰਹੇ ਸਨ। ਏਡੀਜੀਪੀ ਨੇ ਪੱਤਰਕਾਰਾਂ ਨੂੰ ਦੱਸਿਆ, "ਦੋ ਅਤਿਵਾਦੀ ਮਾਰੇ ਗਏ...ਉਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਹਮਲੇ ਦੀ ਯੋਜਨਾ ਬਣਾ ਰਹੇ ਸਨ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ।"
ਉਹਨਾਂ ਦੱਸਿਆ ਕਿ ਅਤਿਵਾਦੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਇਕ ਅੰਡਰ ਬੈਰਲ ਗ੍ਰਨੇਡ ਲਾਂਚਰ ਅਤੇ ਇਕ ਸੈਟੇਲਾਈਟ ਫੋਨ ਵੀ ਬਰਾਮਦ ਕੀਤਾ ਗਿਆ ਹੈ। ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਉਹਨਾਂ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਅਤੇ ਕਿਸੇ ਸਮੂਹ ਨਾਲ ਉਹਨਾਂ ਦੇ ਸਬੰਧਾਂ ਸਮੇਤ ਪੂਰੀ ਤਸਵੀਰ ਵਿਸਥਾਰਤ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅਤਿਵਾਦੀਆਂ ਦਾ ਸਬੰਧ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਸੰਗਠਨ ਨਾਲ ਦੱਸਿਆ ਜਾ ਰਿਹਾ ਹੈ।