
ਹਰਮੀਤ ਸਿੰਘ ਕਾਲਕਾ ਦੀ ਅਗਵਾਈ ’ਚ ਕਮੇਟੀ ਨੇ ਕੀਤਾ ਸਨਮਾਨ
Ladakh Lieutenant Governor Kavinde: ਲੱਦਾਖ ਦੇ ਨਵ ਨਿਯੁਕਤ ਉਪ ਰਾਜਪਾਲ (ਐਲ ਜੀ) ਕਵਿੰਦਰ ਗੁਪਤਾ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੇ ਨਵੇਂ ਕੰਮ ਲਈ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਉਹਨਾਂ ਦਾ ਸਨਮਾਨ ਕੀਤਾ। ਇਸ ਮੌਕੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਅਤੇ ਜੁਆਇੰਟ ਸਕੱਤਰ ਜਸਮੀਨ ਸਿੰਘ ਨੋਨੀ ਵੀ ਮੌਜੂਦ ਰਹੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਵਿੰਦਰ ਗੁਪਤਾ ਨੇ ਕਿਹਾ ਕਿ ਉਹਨਾਂ ਨੂੰ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੇ ਵੀ ਧੰਨਵਾਦੀ ਹਨ ਜਿਹਨਾਂ ਨੇ ਉਹਨਾਂ ਨੂੰ ਸਨਮਾਨਤ ਕੀਤਾ। ਉਹਨਾਂ ਨੇ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
ਗੁਪਤਾ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਆਪਣੀ ਵਿਦਿਆ ਪੰਜਾਬੀ ਵਿਚ ਹੀ ਹਾਸਲ ਕੀਤੀ ਹੈ ਤੇ ਉਹ ਪੰਜਾਬੀ ਕ ਵੀ ਹਨ ਤੇ ਅਕਸਰ ਕਵਿਤਾਵਾਂ ਲਿਖਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਪੰਜਾਬ ਤੇ ਪੰਜਾਬੀ ਦੋਵਾਂ ਨਾਲ ਬਹੁਤ ਲਗਾਅ ਹੈ।
ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਲੱਦਾਖ ਦਾ ਉਪ ਰਾਜਪਾਲ ਬਣਨ ਉਪਰੰਤ ਸ੍ਰੀ ਗੁਪਤਾ ਨੇ ਗੁਰਦੁਆਰਾ ਬੰਗਲਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਉਹਨਾਂ ਕਿਹਾ ਕਿ ਲੱਦਾਖ ਦੇ ਲੋਕਾਂ ਦੀ ਸੇਵਾ ਦਾ ਉਹਨਾਂ ਵਿਚ ਜਜ਼ਬਾ ਹੈ ਤੇ ਪਰਮਾਤਮਾ ਕ੍ਰਿਪਾ ਕਰਨ ਉਹ ਬਹੁਤ ਚੰਗੇ ਪ੍ਰਸ਼ਾਸਕ ਸਾਬਤ ਹੋਣਗੇ। ਉਹਨਾਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਦੀ ਗੱਲ ਹੈ ਕਿ ਉਹਨਾਂ ਨੇ ਆਪਣੀ ਵਿਦਿਆ ਫਿਰੋਜ਼ਪੁਰ ਸ਼ਹਿਰ ਵਿਚ ਹਾਸਲ ਕੀਤੀ ਤੇ ਉਹ ਪੰਜਾਬੀ ਦੇ ਚੰਗੇ ਕਵੀ ਵੀ ਹਨ। ਉਹਨਾਂ ਨੇ ਸ੍ਰੀ ਗੁਪਤਾ ਨੂੰ ਆਪਣੇ ਭਵਿੱਖੀ ਸਫਰ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।