ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਤਿੰਨ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ
ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਅਤੇ ਖਾਗ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਆਏ ਅਚਾਨਕ ਹੜ੍ਹ (ਫਲੈਸ਼ ਫਲੱਡ) ਵਿੱਚ ਇੱਕ ਵਿਅਕਤੀ ਰੁੜ੍ਹ ਗਿਆ। ਇਸ ਘਟਨਾ ਤੋਂ ਬਾਅਦ, ਐਸ.ਡੀ.ਆਰ.ਐਫ. (SDRF), ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਮੌਸਮ ਵਿਭਾਗ ਵੱਲੋਂ ਸੋਮਵਾਰ ਤੋਂ ਹੀ ਕਸ਼ਮੀਰ ਲਈ 'ਰੈੱਡ ਅਲਰਟ' ਜਾਰੀ ਕੀਤਾ ਗਿਆ ਹੈ।
ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅਸਾਮ ਵਿੱਚ ਹੜ੍ਹ ਦੀ ਸਥਿਤੀ ਵਿਗੜ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਰਾਜ ਦੇ 16 ਜ਼ਿਲ੍ਹਿਆਂ ਵਿੱਚ 5.64 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਵੱਲੋਂ ਕਈ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ, ਮੰਡੀ, ਕਾਂਗੜਾ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਅਤੇ ਕਾਲਜ ਬੁੱਧਵਾਰ ਲਈ ਬੰਦ ਕਰ ਦਿੱਤੇ ਗਏ ਹਨ। ਹੁਣ ਤੱਕ, ਸੂਬੇ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਲਕੇ ਯਾਨੀ 22 ਜੁਲਾਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਗੋਆ ਅਤੇ ਮੱਧ ਮਹਾਰਾਸ਼ਟਰ ਲਈ ਮੀਂਹ ਸਬੰਧੀ 'ਔਰੇਂਜ ਅਲਰਟ' ਜਾਰੀ ਕੀਤਾ ਗਿਆ ਹੈ।
ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਉੱਤਰਾਖੰਡ, ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ ਅਤੇ ਸਿੱਕਮ ਲਈ ਮੀਂਹ ਸਬੰਧੀ 'ਯੈਲੋ ਅਲਰਟ' ਲਾਗੂ ਹੈ। ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਝਾਰਖੰਡ ਜਾਂ ਕੇਰਲ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
