‘‘ਸਰਕਾਰ ਨੇ ਪੇਪਰ ਲੀਕ ਮਾਮਲੇ ਵਿਚ 13 ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਜੇਲ ਭੇਜਿਆ '
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੇ ਸੰਸਦ ਮੈਂਬਰਾਂ ਦੀ ਬੈਠਕ ਦੌਰਾਨ ਨੀਟ (ਐਨ.ਈ.ਈ.ਟੀ.) ਇਮਤਿਹਾਨ ਪੇਪਰ ਲੀਕ ਮਾਮਲੇ ਉਤੇ ਵੱਡਾ ਬਿਆਨ ਦਿਤਾ ਹੈ। ਪ੍ਰਧਾਨ ਮੰਤਰੀ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਦੇਸ਼ ਦੇ ਨੌਜਵਾਂਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁਧ ਬਹੁਤ ਸਖ਼ਤ ਕਾਰਵਾਈ ਕੀਤੀ ਗਈ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।
ਨਵੀਂ ਦਿੱਲੀ ਵਿਚ ਹੋਈ ਐੱਨ.ਡੀ.ਏ. ਪਾਰਲੀਮਾਨੀ ਪਾਰਟੀ ਦੀ ਬੈਠਕ, ਜਿਸ ਨੂੰ ‘ਮੰਗਲ ਮਿਲਨ’ ਦਾ ਨਾਂ ਦਿਤਾ ਗਿਆ, ਤੋਂ ਬਾਅਦ ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿਤੀ । ਰਿਜੀਜੂ ਨੇ ਦਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਸਰਕਾਰ ਨੇ ਪੇਪਰ ਲੀਕ ਦੀ ਖ਼ਬਰ ਆਉਂਦੇ ਹੀ ਤੁਰਤ ਕਾਰਵਾਈ ਕੀਤੀ ਅਤੇ ਇਸ ਮਾਮਲੇ ਵਿਚ 13 ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਕੇ ਜੇਲ ਭੇਜਿਆ ਗਿਆ ਹੈ।
ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੋਸ਼ੀਆਂ ਨੂੰ ਦੇਸ਼ ਦੇ ਪ੍ਰਮੁੱਖ ਵਕੀਲਾਂ ਦੀ ਮਦਦ ਨਾਲ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।’’ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੁੱਦਾ ਕਿਸੇ ਪਾਰਟੀ ਦੀ ਰਾਜਨੀਤੀ ਦਾ ਨਹੀਂ, ਸਗੋਂ ‘ਕੌਮੀ ਹਿੱਤ’ ਦਾ ਹੈ। ਉਨ੍ਹਾਂ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੇਪਰ ਲੀਕ ਵਰਗੀਆਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ। (ਪੀ.ਟੀ.ਆਈ.)
