
Chirag Paswan: ਉਨ੍ਹਾਂ ਕਿਹਾ, ‘‘ਸਮਾਜ ਦੇ ਦੱਬੇ-ਕੁਚਲੇ ਅਤੇ ਵਾਂਝੇ ਵਰਗਾਂ ਦੇ ਅਧਿਕਾਰਾਂ ਦੀ ਆਵਾਜ਼ ਬਣਨਾ ਸਾਡਾ ਫਰਜ਼ ਹੈ।’’
Chirag Paswan: ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਲੋਜਪਾ) ਦੇ ਪ੍ਰਧਾਨ ਚਿਰਾਗ ਪਾਸਵਾਨ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਰਾਖਵਾਂਕਰਨ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ ’ਚ ‘ਭਾਰਤ ਬੰਦ’ ਦੇ ਸੱਦੇ ਦਾ ਨੈਤਿਕ ਸਮਰਥਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਰਾਖਵਾਂਕਰਨ ’ਚ ਕਰੀਮੀ ਲੇਅਰ ’ਤੇ ਸੁਪਰੀਮ ਕੋਰਟ ਦੇ 1 ਅਗੱਸਤ ਦੇ ਫੈਸਲੇ ਵਿਰੁਧ ਦੇਸ਼ ਭਰ ਦੇ 21 ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿਤਾ ਹੈ। ਯੂਨੀਅਨਾਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਰਾਖਵਾਂਕਰਨ ਦੇ ਬੁਨਿਆਦੀ ਸਿਧਾਂਤਾਂ ਨੂੰ ਨੁਕਸਾਨ ਪਹੁੰਚੇਗਾ।
ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਚਿਰਾਗ ਨੇ ਕਿਹਾ, ‘‘ਮੇਰੀ ਪਾਰਟੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਅਤੇ ਮੈਂ ਐਸ.ਸੀ./ਐਸ.ਟੀ. ਰਾਖਵਾਂਕਰਨ ’ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ’ਚ ਸ਼ਾਂਤਮਈ ਢੰਗ ਨਾਲ ਭਾਰਤ ਬੰਦ ਦਾ ਸੱਦਾ ਦੇਣ ਦੇ ਫੈਸਲੇ ’ਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਹੱਕ ’ਚ ਅਪਣਾ ਨੈਤਿਕ ਸਮਰਥਨ ਜ਼ਾਹਰ ਕਰਦੇ ਹਾਂ।’’ ਉਨ੍ਹਾਂ ਕਿਹਾ, ‘‘ਸਮਾਜ ਦੇ ਦੱਬੇ-ਕੁਚਲੇ ਅਤੇ ਵਾਂਝੇ ਵਰਗਾਂ ਦੇ ਅਧਿਕਾਰਾਂ ਦੀ ਆਵਾਜ਼ ਬਣਨਾ ਸਾਡਾ ਫਰਜ਼ ਹੈ।’’
ਕੇਂਦਰ ਦੀ ਐਨ.ਡੀ.ਏ. ਸਰਕਾਰ ਦੇ ਸਹਿਯੋਗੀ ਚਿਰਾਗ ਨੇ ਕਿਹਾ ਕਿ ਹਾਲ ਹੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ’ਚ ਇਹ ਫੈਸਲਾ ਲਿਆ ਗਿਆ ਸੀ ਕਿ ਰਾਖਵਾਂਕਰਨ ਦੇ ਪ੍ਰਬੰਧ ਉਹੀ ਰਹਿਣਗੇ ਜਿਵੇਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੇ ਵਿਵਸਥਾਵਾਂ ਰੱਖੀਆਂ ਸਨ ਅਤੇ ਰਾਖਵਾਂਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ, ‘‘ਅਸੀਂ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਦੋਂ ਤਕ ਮੈਂ ਹਾਂ, ਰਾਖਵਾਂਕਰਨ ’ਚ ਕੋਈ ਤਬਦੀਲੀ ਸੰਭਵ ਨਹੀਂ ਹੈ। ਵਿਲਾਸ ਪਾਸਵਾਨ ਦੇ ਸਿਧਾਂਤਾਂ ’ਤੇ ਚੱਲਣ ਵਾਲੀ ਲੋਜਪਾ ਦਲਿਤਾਂ ਦੇ ਅਧਿਕਾਰਾਂ ਅਤੇ ਅਧਿਕਾਰਾਂ ਲਈ ਲੜਦੀ ਰਹੇਗੀ।’’