
ਦਿੱਲੀ ਪੁਲਿਸ ਦਾ ਦਾਅਵਾ, ਬਗੈਰ ਇਜਾਜ਼ਤ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ
ਨਵੀਂ ਦਿੱਲੀ : ਖੇਤੀ ਬਿੱਲਾਂ ਨੂੰ ਲੈ ਕੇ ਸੜਕਾਂ ਤੋਂ ਲੈ ਕੇ ਸੰਸਦ ਤਕ ਘਮਾਸਾਨ ਜਾਰੀ ਹੈ। ਕੇਂਦਰ ਸਰਕਾਰ ਅਪਣੇ ਬਹੁਮੱਤ ਦੇ ਦਮ 'ਤੇ ਖੇਤੀ ਬਿੱਲਾਂ ਸਮੇਤ ਹੋਰ ਸਖ਼ਤ ਫ਼ੈਸਲੇ ਲੈਣ ਲਈ ਬਜਿੱਦ ਹੈ, ਦੂਜੇ ਪਾਸੇ ਵਿਰੋਧੀ ਧਿਰਾਂ ਵੀ ਸਰਕਾਰ ਖਿਲਾਫ਼ ਇਕਜੁਟ ਹੋ ਕੇ ਆਵਾਜ਼ ਉਠਾ ਰਹੀਆਂ ਹਨ। ਲੋਕ ਸਭਾ ਵਿਚ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਵੀ ਕਿਸਾਨਾਂ ਦੇ ਮੁੱਦੇ 'ਤੇ ਭਾਰੀ ਹੰਗਾਮਾ ਕੀਤਾ। ਇਸ ਕਾਰਨ ਸਦਨ ਦੀ ਕਾਰਵਾਈ ਨੂੰ 15 ਮਿੰਟ ਤਕ ਮੁਲਤਵੀ ਕਰਨਾ ਪਿਆ।
Ravneet Bittu
ਪੰਜਾਬ ਤੋਂ ਕਾਂਗਰਸ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਕਾਂਗਰਸ ਦੇ ਤਿੰਨ ਹੋਰ ਮੈਂਬਰ ਸੰਤੋਖ ਚੌਧਰੀ, ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਸਿੰਘ ਔਜਲਾ ਨਾਲ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਸੰਸਦ ਭਵਨ ਦੇ ਨੇੜੇ ਬਦਸਲੂਕੀ ਕੀਤੀ ਸੀ।
Lok Sabha
ਰਵਨੀਤ ਬਿੱਟੂ ਨੇ ਕਿਹਾ ਅਸੀਂ ਕਿਸਾਨੀ ਮੁੱਦੇ 'ਤੇ ਮੋਮਬੱਤੀ ਮਾਰਚ ਕਰਦੇ ਹੋਏ ਵਿਜੈ ਚੌਕ ਵੱਲ ਜਾ ਰਹੇ ਸੀ। ਸਿਰਫ਼ 10-15 ਮੀਟਰ ਚੱਲੇ ਹੋਵਾਂਗੇ ਕਿ 100 ਦੇ ਕਰੀਬ ਪੁਲਿਸ ਮੁਲਾਜ਼ਮ ਅਚਾਨਕ ਆ ਗਏ। ਉਨ੍ਹਾਂ ਨੂੰ ਲੱਗਿਆ ਕਿ ਕਿਧਰੇ ਕਿਸਾਨ ਆਏ ਹਨ।
Ravneet Bittu
ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਇਹ ਲੋਕ ਕਿਸਾਨਾਂ ਤੋਂ ਕਿੰਨੇ ਡਰੇ ਹੋਏ ਹਨ।” ਬਿੱਟੂ ਨੇ ਦੋਸ਼ ਲਾਇਆ ਕਿ ਉਹ ਮੋਮਬੱਤੀ ਜਗਾਉਣ ਲਈ ਵਿਜੇ ਚੌਕ ਜਾਣਾ ਚਾਹੁੰਦਾ ਸੀ ਪਰ ਪੁਲਿਸ ਨੇ ਚਾਰ ਸੰਸਦ ਮੈਂਬਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਨੇ ਖੁਦ ਨੂੰ ਵੀ ਸੱਟਾਂ ਲੱਗਣ ਦਾ ਦਾਅਵਾ ਕੀਤਾ।
Ravneet Bittu
ਇਸ 'ਤੇ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਬਿੱਟੂ ਤੇ ਚੌਧਰੀ ਦੇ ਪੱਤਰ ਮਿਲੇ ਹਨ ਤੇ ਉਨ੍ਹਾਂ ਮਾਮਲੇ ਦੀ ਰਿਪੋਰਟ ਮੰਗ ਲਈ ਹੈ। ਉਧਰ ਪੁਲਿਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਣ ਲਈ ਉਹ ਰਾਹ ਖ਼ਾਲੀ ਕਰਵਾ ਰਹੇ ਸਨ ਕਿਉਂਕਿ ਸ੍ਰੀ ਮੋਦੀ ਦਾ ਕਾਫ਼ਲਾ ਅਚਾਨਕ ਹੀ ਇਧਰ ਆ ਰਿਹਾ ਸੀ। ਨਾਲ ਹੀ ਸੰਸਦ ਮੈਂਬਰਾਂ ਨੇ ਧਰਨੇ ਦੀ ਮਨਜ਼ੂਰੀ ਵੀ ਨਹੀਂ ਸੀ ਲਈ।