
ਪੁਲਿਸ ਨੇ ਮਾਮਲੇ 'ਚ ਇਕ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਮੁਰਾਦਾਬਾਦ : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲੇ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਭੋਜੀਪੁਰ ਇਲਾਕੇ ਦੀ ਰਹਿਣ ਵਾਲੀ ਕਥਿਤ ਗੈਂਗਰੇਪ ਪੀੜਤਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ, ਜਿਸ 'ਚ ਕਥਿਤ ਤੌਰ 'ਤੇ ਉਹ ਸੜਕ 'ਤੇ ਨਗਨ ਹਾਲਤ 'ਚ ਸੜਕ ਦੇ ਕਿਨਾਰੇ ਪੈਦਲ ਚਲਦੀ ਦਿਖਾਈ ਦਿੰਦੀ ਹੈ ਜਦੋਂ ਕਿ ਕੁਝ ਵਾਹਨ ਉਸ ਦੇ ਕੋਲੋਂ ਲੰਘ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ 1 ਸਤੰਬਰ ਨੂੰ ਭੋਜਪੁਰ ਥਾਣਾ ਖੇਤਰ ਦੇ ਇਕ ਪਿੰਡ 'ਚ ਵਾਪਰੀ ਸੀ ਅਤੇ ਪੀੜਤਾ ਦੇ ਰਿਸ਼ਤੇਦਾਰ ਵੱਲੋਂ 7 ਸਤੰਬਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਰਾਦਾਬਾਦ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀਆਈਜੀ) ਸ਼ਲਭ ਮਾਥੁਰ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਘਟਨਾ ਪਹਿਲਾਂ ਦੀ ਹੈ ਅਤੇ ਮਾਮਲੇ ਦੇ ਇੱਕ ਦੋਸ਼ੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਔਰਤ ਦੀ ਮੈਡੀਕਲ ਜਾਂਚ ਵਿਚ ਬਲਾਤਕਾਰ ਦੀ ਪੁਸ਼ਟੀ ਨਹੀਂ ਹੋਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੁਪਰਡੈਂਟ (ਦਿਹਾਤੀ) ਸੰਦੀਪ ਕੁਮਾਰ ਮੀਨਾ ਨੇ ਕਿਹਾ ਕਿ ਪੀੜਤਾ ਅਤੇ ਉਸਦੇ ਮਾਤਾ-ਪਿਤਾ ਨੇ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਵਿੱਚ ਸਮੂਹਿਕ ਬਲਾਤਕਾਰ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਇਸ ਤੋਂ ਪਹਿਲਾਂ ਮੀਡੀਆ ਨੂੰ ਦਿੱਤੇ ਬਿਆਨ 'ਚ ਮੀਨਾ ਨੇ ਕਿਹਾ,''ਘਟਨਾ ਦੇ ਸਬੰਧ 'ਚ ਪੀੜਤਾ ਦੇ ਰਿਸ਼ਤੇਦਾਰ ਦੀ ਸ਼ਿਕਾਇਤ 'ਤੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਵਿੱਚੋਂ ਇੱਕ ਨੌਸ਼ੇ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।"