
ਪਹਿਲੇ ਜਨਤਕ ਸਮਾਗਮ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ: ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ‘ਨਾਮੁਮਕਿਨ ਨੂੰ ਮੁਮਕਿਨ ਬਣਾ ਸਕਦੇ ਹਨ। ਉਨ੍ਹਾਂ ਨੇ ਮੋਦੀ ਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਨੇਤਾ ਸ਼ੀ ਜਿਨਪਿੰਗ ਸਮੇਤ ਵਿਸ਼ਵ ਨੇਤਾਵਾਂ ਨਾਲ ਸਬੰਧਾਂ ਨੂੰ ਉਜਾਗਰ ਕੀਤਾ, ਜੋ ਉਨ੍ਹਾਂ ਨੂੰ ਆਪਣਾ ਚੰਗਾ ਦੋਸਤ ਦਸਦੇ ਹਨ।
ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਭਾਸ਼ਣਾਂ ਦੇ ਦੋ ਸੈੱਟਾਂ ਨੂੰ ਜਾਰੀ ਕਰਨ ਲਈ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਉੱਤੇ 50 ਫ਼ੀਸਦੀ ਟੈਰਿਫ ਲਗਾਉਣ ਦੇ ਬਾਵਜੂਦ ਟਰੰਪ ਨੇ ਹਮੇਸ਼ਾ ਮੋਦੀ ਨੂੰ ਆਪਣਾ ‘ਮਹਾਨ ਦੋਸਤ’ ਕਰਾਰ ਦਿੱਤਾ ਹੈ। ਉਪ ਰਾਸ਼ਟਰਪਤੀ ਨੇ ਕਿਹਾ ਕਿ ਇਸੇ ਤਰ੍ਹਾਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਸਬੰਧ ਹਨ।
ਉਪ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇੱਥੇ ਆਪਣੇ ਪਹਿਲੇ ਜਨਤਕ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਧਾਕ੍ਰਿਸ਼ਨਨ ਨੇ ਕਿਹਾ, ‘‘ਹਾਲਾਂਕਿ ਅਮਰੀਕਾ ਨੇ ਭਾਰਤ ਉੱਤੇ 50 ਫ਼ੀਸਦੀ ਡਿਊਟੀ ਲਗਾਈ ਹੈ ਪਰ ਟਰੰਪ ਹਮੇਸ਼ਾ ਕਹਿੰਦੇ ਹਨ ਕਿ ਮੋਦੀ ਜੀ ਮੇਰੇ ਮਹਾਨ ਦੋਸਤ ਹਨ। ਉਸ ਸਥਿਤੀ ਵਿਚ ਵੀ ਉਨ੍ਹਾਂ ਨੇ ਇਹ ਨਹੀਂ ਕਿਹਾ ਕਿ ਮੈਂ ਮੋਦੀ ਦੇ ਵਿਰੁੱਧ ਹਾਂ। ਉਹ ਹਮੇਸ਼ਾ ਕਹਿੰਦੇ ਰਹਿੰਦੇ ਹਨ ਕਿ ਮੈਂ ਮੋਦੀ ਦੇ ਹੱਕ ਵਿਚ ਹਾਂ।’’