
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ
ਨਵੀਂ ਦਿੱਲੀ: ਨਾਮਧਾਰੀ ਸੰਗਤ ਸੇਵਾ ਸੰਮਤੀ ਨੇ ਭਾਰਤ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਇੱਥੇ ਕੰਸਟੀਚਿਊਸ਼ਨਲ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਸੰਮਤੀ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ’ਚ ਸਰਕਾਰ ਨੂੰ ਕਈ ਚਿੱਠੀਆਂ ਲਿਖੀਆਂ ਹਨ।
ਡਾ. ਮਨਮੋਹਨ ਸਿੰਘ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਧਾਰਮਕ ਸੰਗਠਨ ਦੇ ਮੈਂਬਰਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਲਈ 1987 ’ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ 2010 ’ਚ ਸਾਊਦੀ ਅਰਬ ਨੇ ‘ਆਰਡਰ ਆਫ ਕਿੰਗ ਅਬਦੁਲਆਜ਼ੀਜ਼’ ਅਤੇ 2014 ’ਚ ਜਾਪਾਨ ਨੇ ‘ਆਰਡਰ ਆਫ ਦਿ ਪੌਲੋਨੀਆ ਫਲਾਵਰਜ਼’ ਨਾਲ ਸਨਮਾਨਿਤ ਕੀਤਾ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਦਾ ਅਸਲ ਸਿਹਰਾ ਡਾ. ਮਨਮੋਹਨ ਸਿੰਘ ਨੂੰ ਹੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਪ੍ਰਮਾਣੂ ਸੰਧੀ ਨੂੰ ਸਫਲਤਾਪੂਰਵਕ ਅੰਤਿਮ ਰੂਪ ਦੇ ਕੇ ਇਕ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ।
ਨਾਮਧਾਰੀ ਸੰਗਤ ਸੇਵਾ ਸੰਮਤੀ ਦੇ ਬੁਲਾਰੇ ਲਖਵਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਦੇ ਜੀਵਨ ਕਾਲ ਦੌਰਾਨ ਉਨ੍ਹਾਂ ਨੂੰ ਇਹ ਵੱਕਾਰੀ ਪੁਰਸਕਾਰ ਦਿਤਾ ਜਾਣਾ ਚਾਹੀਦਾ ਹੈ। ਲਖਵਿੰਦਰ ਨੇ ਅੱਗੇ ਕਿਹਾ ਕਿ ਸੰਸਥਾ ਨੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਿਆ ਹੈ।