
ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ 7 ਦਸੰਬਰ 2022 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਨਵੀਂ ਦਿੱਲੀ: ਸਾਲ 2016 'ਚ ਹੋਈ ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ 2 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ। ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਇਹ ਫੈਸਲਾ ਸੁਣਾਏਗੀ। ਫੈਸਲੇ ਨੂੰ ਲੈ ਕੇ ਸੰਵਿਧਾਨਕ ਬੈਂਚ ਦੇ ਪੰਜ ਜੱਜਾਂ ਵਿਚ ਸਹਿਮਤੀ ਹੈ। ਜਸਟਿਸ ਬੀਆਰ ਗਵਈ ਸਾਰੇ ਜੱਜਾਂ ਦੀ ਤਰਫੋਂ ਫੈਸਲਾ ਸੁਣਾਉਣਗੇ।
ਦੱਸ ਦੇਈਏ ਕਿ ਜਸਟਿਸ ਐਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ 7 ਦਸੰਬਰ 2022 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਨੋਟਬੰਦੀ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਵਾਲੀਆਂ ਕੁੱਲ 58 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਇਸ ਤੋਂ ਪਹਿਲਾਂ 7 ਦਸੰਬਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ 2016 ਵਿਚ 1,000 ਅਤੇ 500 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਨਾਲ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਸਟਿਸ ਨਜ਼ੀਰ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕੇਂਦਰ ਦੇ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅਟਾਰਨੀ ਜਨਰਲ ਆਰ ਵੈਂਕਟਾਰਮਨੀ, ਆਰਬੀਆਈ ਦੇ ਵਕੀਲ ਅਤੇ ਪਟੀਸ਼ਨਕਰਤਾਵਾਂ ਦੇ ਵਕੀਲ ਦੀਆਂ ਦਲੀਲਾਂ ਸੁਣੀਆਂ ਅਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
ਪਟੀਸ਼ਨਰਾਂ ਦੇ ਵਕੀਲਾਂ ਵਿਚ ਸੀਨੀਅਰ ਵਕੀਲ ਪੀ ਚਿਦੰਬਰਮ ਅਤੇ ਸ਼ਿਆਮ ਦੀਵਾਨ ਸ਼ਾਮਲ ਸਨ। ਸੁਪਰੀਮ ਕੋਰਟ ਨੇ ਧਿਰਾਂ ਨੂੰ 10 ਦਸੰਬਰ ਤੱਕ ਲਿਖਤੀ ਬਹਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਬੈਂਚ ਨੇ ਕਿਹਾ ਸੀ, ''ਇਸ ਮਾਮਲੇ 'ਚ ਦਲੀਲਾਂ ਸੁਣੀਆਂ ਗਈਆਂ। ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਭਾਰਤ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਦੇ ਵਕੀਲ ਨੂੰ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।"