
ਕਿਹਾ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ 'ਤੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ, ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਸਰਕਾਰ ਖ਼ਾਸ ਫ਼ੰਡ ਦੇਵੇ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪਵਿੱਤਰ ਧਰਤੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਥੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 13 ਅਪ੍ਰੈਲ 1699 ਨੂੰ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਸਰਕਾਰ ਨੂੰ ਵਿਸ਼ੇਸ਼ ਫ਼ੰਡ ਜਾਰੀ ਕਰਨੇ ਚਾਹੀਦੇ ਹਨ ਅਤੇ ਇਸ ਨੂੰ ਵਿਸ਼ਵ ਪ੍ਰਸਿੱਧ ਵਿਰਾਸਤੀ ਸ਼ਹਿਰ ਬਣਾਇਆ ਜਾਣਾ ਚਾਹੀਦਾ ਹੈ।
ਇਸ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ 'ਤੇ ਸੂਬਾ ਸਰਕਾਰਾਂ ਵਲੋਂ ਪ੍ਰਸਤਾਵ ਭੇਜੇ ਜਾਂਦੇ ਹਨ ਅਤੇ ਜੋ ਹੁਣ ਸੰਸਦ ਮੈਂਬਰ ਰਾਘਵ ਚੱਢਾ ਵਲੋਂ ਪ੍ਰਸਤਾਵ ਰੱਖਿਆ ਗਿਆ ਹੈ ਉਹ ਪਹਿਲਾਂ ਹੀ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਵੀ ਅਜਿਹੇ ਪ੍ਰਸਤਾਵ ਆਉਂਦੇ ਰਹੇ ਤਾਂ ਉਨ੍ਹਾਂ 'ਤੇ ਜ਼ਰੂਰ ਧਿਆਨ ਦਿੱਤਾ ਜਾਵੇਗਾ।