
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਨਵੀਂ ਦਿੱਲੀ: ਚੀਨ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਚੀਨ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਵਾਰ ਭਾਰਤ ਸਰਕਾਰ ਪਹਿਲਾਂ ਹੀ ਅਲਰਟ ਮੋਡ 'ਤੇ ਆ ਗਈ ਹੈ। ਬੁੱਧਵਾਰ ਤੋਂ ਕੇਂਦਰ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦੂਜੇ ਪਾਸੇ ਵੀਰਵਾਰ ਨੂੰ ਮਾਹਿਰਾਂ ਦੀ ਕਮੇਟੀ ਨੇ ਨੇਜ਼ਲ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਿਸੇ ਵੀ ਵਿਅਕਤੀ ਨੂੰ ਟੀਕੇ ਦੀ ਲੋੜ ਨਹੀਂ ਪਵੇਗੀ ਅਤੇ ਸਿਰਫ਼ ਨੱਕ ਵਿਚ ਇਕ ਬੂੰਦ ਪਾਉਣ ਨਾਲ ਫਾਇਦਾ ਹੋਵੇਗਾ।
ਇਹ ਜਾਣਕਾਰੀ ਉਦੋਂ ਮਿਲੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਡਾਕਟਰ ਵੀਕੇ ਪਾਲ ਵੀਡੀਓ ਕਾਲ ਰਾਹੀਂ ਮੀਟਿੰਗ ਵਿਚ ਮੌਜੂਦ ਸਨ।
ਜ਼ਿਕਰਯੋਗ ਹੈ ਕਿ 28 ਨਵੰਬਰ ਨੂੰ ਭਾਰਤ ਬਾਇਓਟੈਕ ਇੰਟਰਨੈਸ਼ਨਲ ਲਿਮਟਿਡ ਨੇ ਘੋਸ਼ਣਾ ਕੀਤੀ ਸੀ ਕਿ iNCOVACC BBV154 ਦੁਨੀਆ ਦੀ ਪਹਿਲੀ ਕੋਵਿਡ ਵੈਕਸੀਨ ਬਣ ਗਈ ਹੈ ਜਿਸ ਦੀ ਵਰਤੋਂ ਬਿਨਾਂ ਸੂਈ ਰਾਹੀਂ ਕੀਤੀ ਜਾ ਸਕਦੀ ਹੈ।