
ਉਹਨਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਇਹਨਾਂ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜ਼ਾਰੀ ਰੱਖਿਆ ਜਾਵੇਗਾ।
ਨਵੀਂ ਦਿੱਲੀ : ਮੋਦੀ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ,ਰੁਜ਼ਗਾਰ ਤੇ ਰੋਟੀ ਖੋਹਣ ਲਈ ਬੋਲੇ ਗਏ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਜਾਤਾਂ,ਧਰਮਾਂ ਤੇ ਫਿਰਕਿਆਂ ਤੋਂ ਉੱਪਰ ਉੱਠ ਕੇ ਵਿਸ਼ਾਲ ਤੇ ਜਬਤਬੱਧ ਕਿਸਾਨ ਲਹਿਰ ਦੀ ਉਸਾਰੀ ਦੇ ਕਾਰਜ ਨੂੰ ਹੋਰ ਅੱਗੇ ਵਧਾਉਣਾ ਹੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਟਿੱਕਰੀ ਬਾਰਡਰ 'ਤੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ ਨੌਜਵਾਨਾਂ ਤੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤਾ ਗਿਆ।
photoਉਹਨਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਇਹਨਾਂ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜ਼ਾਰੀ ਰੱਖਿਆ ਜਾਵੇਗਾ।ਉਹਨਾਂ ਕਿਹਾ ਕਿ ਸ਼ਹੀਦਾਂ ਵੱਲੋਂ ਲੁੱਟ ਜਬਰ ਤੋਂ ਮੁਕਤ ਕਿਸਾਨਾਂ ਮਜ਼ਦੂਰਾਂ ਦੀ ਪੁੱਗਤ ਵਾਲਾ ਸਮਾਜ ਸਿਰਜਣ ਦੇ ਸੁਪਨੇ ਦੀ ਪੂਰਤੀ ਲਈ ਉਹਨਾਂ ਦੀ ਜਥੇਬੰਦੀ ਸੰਗਰਾਮੀ ਜੱਦੋ-ਜਹਿਦ ਲਗਾਤਾਰ ਜਾਰੀ ਰੱਖੇਗੀ।
photoਸ੍ਰੀ ਕੋਕਰੀ ਕਲਾਂ ਨੇ ਆਖਿਆ ਕਿ ਮੌਜੂਦਾ ਕਿਸਾਨ ਸੰਘਰਸ਼ ਦੇ ਵੇਗ ਨੂੰ ਡੱਕਣ ਲਈ ਮੋਦੀ ਸਰਕਾਰ ਵਲੋਂ ਫਿਰਕੂ ਤਾਕਤਾਂ ਨਾਲ਼ ਮਿਲਕੇ ਇਸ ਘੋਲ 'ਤੇ ਇੱਕ ਖਾਸ ਫਿਰਕੇ ਦੇ ਸੰਘਰਸ਼ ਦਾ ਠੱਪਾ ਲਾਉਣ ਰਾਹੀਂ ਕਿਸਾਨਾਂ 'ਚ ਫਿਰਕੂ ਵੰਡੀਆਂ ਪਾਉਣ ਅਤੇ ਕਿਸਾਨ ਆਗੂਆਂ ਸਮੇਤ ਕਿਸਾਨਾਂ ਨੂੰ ਪੁਲਿਸ ਤਸ਼ੱਦਦ ਦਾ ਨਿਸ਼ਾਨਾ ਬਨਾਉਣ ਦੇ ਖੋਰੀ ਤੇ ਖੋਟੇ ਮਨਸੂਬੇ ਸ਼ਹੀਦਾਂ ਦੇ ਵਾਰਸ ਨੌਜਵਾਨਾਂ ਤੇ ਕਿਸਾਨਾਂ ਮਜ਼ਦੂਰਾਂ ਨੇ ਇੱਕ ਵਾਰ ਫੇਲ੍ਹ ਕਰ ਦਿਤੇ ਹਨ ।