
Delhi Martyrdom Ceremony : ਅਮਰ ਪੁੱਤਰਾਂ ਵਲੋਂ ਦਿਤੀ ਕੁਰਬਾਨੀ ਦੀ ਭਾਵਨਾ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ : ਗੁਪਤਾ
Speaker Vijender Gupta and Cabinet Minister Sirsa paid floral tributes to the martyrs News in Punjabi : ਸ਼ਹੀਦੀ ਦਿਵਸ ਦੇ ਮੌਕੇ 'ਤੇ ਅੱਜ ਦਿੱਲੀ ਵਿਧਾਨ ਸਭਾ ਸਕੱਤਰੇਤ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ, ਡਿਪਟੀ ਸਪੀਕਰ ਮੋਹਨ ਸਿੰਘ ਬਿਸ਼ਟ ਨੇ ਵਿਧਾਨ ਸਭਾ ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮਾਗਮ ਵਿਚ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਾਨੂੰਨ ਅਤੇ ਨਿਆਂ ਮੰਤਰੀ ਕਪਿਲ ਮਿਸ਼ਰਾ ਅਤੇ ਕਈ ਵਿਧਾਇਕ ਤੇ ਵੱਡੇ ਨੇਤਾ ਮੌਜੂਦ ਸਨ।
ਸ਼ਹੀਦੀ ਦਿਵਸ ਦੇ ਮੌਕੇ 'ਤੇ ਦਿੱਲੀ ਵਿਧਾਨ ਸਭਾ ਸਕੱਤਰੇਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਅਮਰ ਪੁੱਤਰਾਂ ਵਲੋਂ ਮਾਤ ਭੂਮੀ ਦੀ ਸੇਵਾ ਵਿਚ ਦਿਤੀ ਕੁਰਬਾਨੀ ਦੀ ਭਾਵਨਾ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ : ਗੁਪਤਾ
ਸਪੀਕਰ ਗੁਪਤਾ ਨੇ ਅੱਗੇ ਕਿਹਾ, ‘ਇਨ੍ਹਾਂ ਬਹਾਦਰ ਪੁੱਤਰਾਂ ਨੇ ਦੇਸ਼ ਦੀ ਆਜ਼ਾਦੀ ਲਈ ਅਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ। ਉਨ੍ਹਾਂ ਦੀ ਸਰਵਉਚ ਕੁਰਬਾਨੀ ਅੱਜ ਵੀ ਸਾਨੂੰ ਨਿਆਂ, ਆਜ਼ਾਦੀ ਅਤੇ ਦੇਸ਼ ਭਗਤੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕਰਦੀ ਹੈ।’
ਇਸ ਮੌਕੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਦੱਸਦਾ ਹੈ ਕਿ ਅੱਜ ਇਸ ਦੇਸ਼ ਵਿਚ ਲੋਕਤੰਤਰ ਦੇ ਜਿਸ ਸ਼ਾਨਦਾਰ ਮੰਦਰ ਦੀ ਨੀਂਹ ਬਣੀ ਹੈ, ਉਹ ਸ਼ਹੀਦਾਂ ਦੀਆਂ ਕੁਰਬਾਨੀਆਂ 'ਤੇ ਅਧਾਰਤ ਹੈ। ਸਾਨੂੰ ਇਨ੍ਹਾਂ ਆਦਰਸ਼ਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੇ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਅਨਿਆਂ ਵਿਰੁਧ ਲੜਾਈ ਦੀ ਭਾਵਨਾ ਨੂੰ ਜਗਾਇਆ। ਅੱਜ ਵੀ ਉਹ ਹਿੰਮਤ ਅਤੇ ਪ੍ਰੇਰਨਾ ਦਾ ਪ੍ਰਤੀਕ ਬਣਿਆ ਹੋਇਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਤੋਂ ਸਿਖਿਆ ਲੈਣੀ ਚਾਹੀਦੀ ਹੈ।
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਸਮਾਗਮ ਸਾਨੂੰ ਭਾਰਤ ਦੇ ਇਨਕਲਾਬੀ ਆਜ਼ਾਦੀ ਘੁਲਾਟੀਆਂ ਵਲੋਂ ਦਿਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਣ ਦਾ ਮੌਕਾ ਸੀ।