
Pahalgam attack: ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 10-10 ਲੱਖ, ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਮਾਮੂਲ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦਿਤੇ ਜਾਣਗੇ
Jammu and Kashmir government announces compensation: ਜੰਮੂ-ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪ੍ਰਵਾਰਾਂ ਨੂੰ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਇਸ ਐਲਾਨ ਤੋਂ ਬਾਅਦ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਮੈਂ ਕੱਲ੍ਹ ਪਹਿਲਗਾਮ ਵਿੱਚ ਹੋਏ ਜ਼ਾਲਮ ਅਤਿਵਾਦੀ ਹਮਲੇ ਤੋਂ ਬਹੁਤ ਹੈਰਾਨ ਅਤੇ ਦੁਖੀ ਹਾਂ। ਮਾਸੂਮ ਨਾਗਰਿਕਾਂ ਵਿਰੁੱਧ ਇਸ ਵਹਿਸ਼ੀ ਕਾਰਵਾਈ ਦੀ ਸਾਡੇ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਅਸੀਂ ਇਸਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ।’’
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਰਕਮ ਆਪਣੇ ਅਜ਼ੀਜ਼ਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਸਮਰਥਨ ਅਤੇ ਏਕਤਾ ਦੇ ਪ੍ਰਤੀਕ ਵਜੋਂ, ਜੰਮੂ-ਕਸ਼ਮੀਰ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕਰਦੀ ਹੈ। ਮੁੱਖ ਮੰਤਰੀ ਨੇ ਗੰਭੀਰ ਜ਼ਖ਼ਮੀਆਂ ਲਈ 2-2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 1-1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।
ਅਬਦੁੱਲਾ ਨੇ ਕਿਹਾ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਨਮਾਨਜਨਕ ਢੰਗ ਨਾਲ ਉਨ੍ਹਾਂ ਦੇ ਘਰਾਂ ਵਿੱਚ ਭੇਜਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਅਬਦੁੱਲਾ ਨੇ ਕਿਹਾ, ‘‘ਜ਼ਖ਼ਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਾਡੀਆਂ ਸੰਵੇਦਨਾਵਾਂ ਸੋਗਗ੍ਰਸਤ ਪਰਿਵਾਰਾਂ ਨਾਲ ਹਨ। ਅਸੀਂ ਤੁਹਾਡੇ ਦੁੱਖ ਨੂੰ ਸਾਂਝਾ ਕਰਦੇ ਹਾਂ ਅਤੇ ਇਸ ਮੁਸ਼ਕਲ ਸਮੇਂ ਵਿੱਚ ਤੁਹਾਡੇ ਨਾਲ ਖੜ੍ਹੇ ਹਾਂ।’’
ਦੱਖਣੀ ਕਸ਼ਮੀਰ ਦੇ ਪਹਿਲਗਾਮ ਕਸਬੇ ਨੇੜੇ ‘ਮਿੰਨੀ ਸਵਿਟਜ਼ਰਲੈਂਡ’ ਵਜੋਂ ਜਾਣੇ ਜਾਂਦੇ ਸੈਰ-ਸਪਾਟਾ ਸਥਾਨ ਬੈਸਰਨ ਵਿੱਚ ਮੰਗਲਵਾਰ ਨੂੰ ਹੋਏ ਅਤਿਵਾਦੀ ਹਮਲੇ ਵਿੱਚ ਘੱਟੋ-ਘੱਟ 26 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਮ੍ਰਿਤਕਾਂ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਨੇਪਾਲ ਦੇ ਦੋ ਵਿਦੇਸ਼ੀ ਅਤੇ ਦੋ ਸਥਾਨਕ ਲੋਕ ਸ਼ਾਮਲ ਹਨ।
(For more news apart from Pahalgam attack Latest News, stay tuned to Rozana Spokesman)