
ਸੀਜੇਆਈ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ। ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਐਡਵੋਕੇਟ ਅਪਰਣਾ ਭੱਟ ਨੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਗੁਜਰਾਤ ਦੰਗਿਆਂ ਨਾਲ ਜੁੜਿਆ ਬਿਲਕਿਸ ਬਾਨੋ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। 11 ਦੋਸ਼ੀਆਂ ਦੀ ਰਿਹਾਈ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਸੁਭਾਸਿਨੀ ਅਲੀ, ਰੇਵਤੀ ਲਾਲ ਅਤੇ ਰੂਪ ਰੇਖਾ ਵਰਮਾ ਨੇ ਦਾਇਰ ਕੀਤੀ ਹੈ।
ਸੀਜੇਆਈ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ। ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਐਡਵੋਕੇਟ ਅਪਰਣਾ ਭੱਟ ਨੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। ਸਿੱਬਲ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਗੁਜਰਾਤ ਸਰਕਾਰ ਨੇ 14 ਲੋਕਾਂ ਦੇ ਕਤਲ ਅਤੇ ਇਕ ਗਰਭਵਤੀ ਔਰਤ ਨਾਲ ਸਮੂਹਿਕ ਬਲਾਤਕਾਰ ਦੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ।
ਬਿਲਕਿਸ ਨੇ ਕਿਹਾ ਸੀ ਕਿ ਇਸ ਕਦਮ ਨੇ ਨਿਆਂ 'ਤੇ ਉਸ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਸ ਨੇ ਕਿਹਾ, " ਜਦੋਂ ਮੈਂ ਸੁਣਿਆ ਕਿ 11 ਦੋਸ਼ੀ, ਜਿਨ੍ਹਾਂ ਨੇ ਮੇਰੇ ਪਰਿਵਾਰ ਅਤੇ ਮੇਰੀ ਜ਼ਿੰਦਗੀ ਨੂੰ ਤਬਾਹ ਕਰ ਦਿੱਤਾ ਅਤੇ ਮੇਰੇ ਕੋਲੋਂ ਮੇਰੀ 3 ਸਾਲ ਦੀ ਧੀ ਖੋਹ ਲਈ ਹੈ, ਆਜ਼ਾਦ ਹੋ ਗਏ ਹਨ ਤਾਂ ਮੇਰਾ 20 ਸਾਲ ਪੁਰਾਣਾ ਦਰਦ ਫਿਰ ਸਾਹਮਣੇ ਆ ਗਿਆ''।
ਦੱਸ ਦੇਈਏ ਕਿ ਗੁਜਰਾਤ ਸਰਕਾਰ ਨੇ ਆਪਣੀ ਮਾਫੀ ਨੀਤੀ ਤਹਿਤ ਸਾਰੇ ਦੋਸ਼ੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੰਬਈ ਦੀ ਇਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿਚ ਮੁੰਬਈ ਹਾਈ ਕੋਰਟ ਨੇ ਇਸ ਸਜ਼ਾ ਨੂੰ ਬਰਕਰਾਰ ਰੱਖਿਆ।