
ਉਨ੍ਹਾਂ ਕਿਹਾ ਕਿ ਚੰਗੀ ਸਿਖਿਆ ਅਤੇ ਸਿਹਤ ਦੇਖਭਾਲ ਸਹੂਲਤਾਂ ਸਾਰਿਆਂ ਨੂੰ ਉਪਲਬਧ ਹੋਣੀਆਂ ਚਾਹੀਦੀਆਂ ਹਨ ਭਾਵੇਂ ਉਹ ਅਮੀਰ ਹੋਵੇ ਜਾਂ ਗ਼ਰੀਬ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਿਚਰਵਾਰ ਨੂੰ ਕਿਹਾ ਕਿ ਜੇਕਰ ਕੋਈ ‘ਰਾਮ ਰਾਜ’ ਦੀ ਕਲਪਨਾ ਕਰਨਾ ਚਾਹੁੰਦਾ ਹੈ ਤਾਂ ਉਸ ’ਚ ਸਾਰਿਆਂ ਨੂੰ ਚੰਗੀ ਅਤੇ ਮੁਫ਼ਤ ਸਿਖਿਆ ਅਤੇ ਸਿਹਤ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਇਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਸਾਰਿਆਂ ਨੂੰ ਚੰਗੀ ਸਿਖਿਆ ਅਤੇ ਸਿਹਤ ਦੇਖਭਾਲ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਇਸ ਦਿਸ਼ਾ ’ਚ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਸਨਿਚਰਵਾਰ ਨੂੰ ਦਿੱਲੀ ਸਰਕਾਰ ਦੇ ਅਰੁਣਾ ਆਸਫ਼ ਅਲੀ ਹਸਪਤਾਲ ਦੀ ਨਵੀਂ ਓ.ਪੀ.ਡੀ. ਇਮਾਰਤ ਦਾ ਉਦਘਾਟਨ ਕੀਤਾ ਅਤੇ ਉਥੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਸੰਦਰਭ ’ਚ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਭਗਵਾਨ ਰਾਮ ਦੀ ਪੂਜਾ ਕਰਦੇ ਹਾਂ। ਰਾਮ ਰਾਜ ਦੀ ਗੱਲ ਕੀਤੀ ਜਾ ਰਹੀ ਹੈ। ਮੈਂ ਕਹਿ ਨਹੀਂ ਸਕਦਾ ਕਿ ਅਸੀਂ ‘ਰਾਮ ਰਾਜ’ ਦੇ ਨੇੜੇ ਪਹੁੰਚ ਸਕਦੇ ਹਾਂ। ਪਰ ਜੇਕਰ ਅਸੀਂ ‘ਰਾਮ ਰਾਜ’ ਦੀ ਕਲਪਨਾ ਕਰਦੇ ਹਾਂ ਤਾਂ ਉਸ ’ਚ ਸਾਰਿਆਂ ਨੂੰ ਚੰਗੀ ਅਤੇ ਮੁਫ਼ਤ ਸਿਖਿਆ ਅਤੇ ਸਿਹਤ ਦੇਖਭਾਲ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।’’
ਉਨ੍ਹਾਂ ਕਿਹਾ ਕਿ ਚੰਗੀ ਸਿਖਿਆ ਅਤੇ ਸਿਹਤ ਦੇਖਭਾਲ ਸਹੂਲਤਾਂ ਸਾਰਿਆਂ ਨੂੰ ਉਪਲਬਧ ਹੋਣੀਆਂ ਚਾਹੀਦੀਆਂ ਹਨ ਭਾਵੇਂ ਉਹ ਅਮੀਰ ਹੋਵੇ ਜਾਂ ਗ਼ਰੀਬ ਅਤੇ ‘ਸਾਡੀ ਸਰਕਾਰ ਇਸ ਦਿਸ਼ਾ ’ਚ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’’ ਇਸ ਪ੍ਰੋਗਰਾਮ ’ਚ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।