![Rahul Gandhi Rahul Gandhi](/cover/prev/ml8mrmmoso1dc98e7t0nbhass4-20230923215053.Medi.jpeg)
ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਸਾਹਮਣੇ ਜਾਤ ਅਧਾਰਤ ਮਰਦਮਸ਼ੁਮਾਰੀ ਦੇ ਅੰਕੜੇ ਪੇਸ਼ ਕਰਨੇ ਚਾਹੀਦੇ ਹਨ
ਜੈਪੁਰ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜਾਤ ਅਧਾਰਤ ਮਰਦਮਸ਼ੁਮਾਰੀ ਦੀ ਵਕਾਲਤ ਕਰਦੇ ਹੋਏ ਸ਼ਨਿਚਰਵਾਰ ਨੂੰ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਜਾਤ ਅਧਾਰਤ ਮਰਦਮਸ਼ੁਮਾਰੀ ਤੋਂ ਕਿਉਂ ਡਰਦੇ ਹਨ? ਉਨ੍ਹਾਂ ਕਿਹਾ ਕਿ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਨੂੰ ਭਾਗੀਦਾਰੀ ਦੇਣ ਦਾ ਕੰਮ ਜਾਤ ਅਧਾਰਤ ਮਰਦਮਸ਼ੁਮਾਰੀ ਤੋਂ ਬਗ਼ੈਰ ਨਹੀਂ ਕੀਤਾ ਜਾ ਸਕਦਾ।
ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਸਾਹਮਣੇ ਜਾਤ ਅਧਾਰਤ ਮਰਦਮਸ਼ੁਮਾਰੀ ਦੇ ਅੰਕੜੇ ਪੇਸ਼ ਕਰਨੇ ਚਾਹੀਦੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਔਰਤਾਂ ਲਈ ਰਾਖਵਾਂਕਰਨ ਅੱਜ ਹੀ ਲਾਗੂ ਹੋ ਸਕਦਾ ਹੈ ਪਰ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਹੱਦਬੰਦੀ ਅਤੇ ਨਵੀਂ ਮਰਦਮਸ਼ੁਮਾਰੀ ਦਾ ਬਹਾਨਾ ਬਣਾ ਕੇ ਇਸ ਨੂੰ ਮੁਲਤਵੀ ਕਰਨਾ ਚਾਹੁੰਦੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਅੱਜ ਹੀ ਮਹਿਲਾ ਰਾਖਵਾਂਕਰਨ ਲਾਗੂ ਹੋ ਜਾਵੇ।
ਜੈਪੁਰ ’ਚ ਪਾਰਟੀ ਵਰਕਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ‘‘ਜੇਕਰ ਅਸੀਂ ਓ.ਬੀ.ਸੀ. ਦੀ ਸ਼ਮੂਲੀਅਤ ਦੀ ਗੱਲ ਕਰੀਏ ਤਾਂ ਇਹ ਜਾਤ ਅਧਾਰਤ ਮਰਦਮਸ਼ੁਮਾਰੀ ਤੋਂ ਬਿਨਾਂ ਨਹੀਂ ਹੋ ਸਕਦਾ। ਜੇਕਰ ਪ੍ਰਧਾਨ ਮੰਤਰੀ 24 ਘੰਟੇ ਓ.ਬੀ.ਸੀ. ਦੀ ਗੱਲ ਕਰਦੇ ਹਨ... ਉਨ੍ਹਾਂ ਦੇ ਸਨਮਾਨ ਦੀ ਗੱਲ ਕਰਦੇ ਹਨ... ਤਾਂ ਪ੍ਰਧਾਨ ਮੰਤਰੀ ਜਾਤ ਅਧਾਰਤ ਮਰਦਮਸ਼ੁਮਾਰੀ ਤੋਂ ਕਿਉਂ ਡਰਦੇ ਹਨ?’’
ਕਾਂਗਰਸ ਨੇਤਾ ਨੇ ਔਰਤਾਂ ਦੇ ਰਾਖਵੇਂਕਰਨ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ, ‘‘ਭਾਜਪਾ ਵਾਲੇ ਕਹਿੰਦੇ ਹਨ ਕਿ ਔਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਤੋਂ ਪਹਿਲਾਂ ਨਵੀਂ ਮਰਦਮਸ਼ੁਮਾਰੀ ਅਤੇ ਨਵੀਂ ਹੱਦਬੰਦੀ ਦੀ ਲੋੜ ਹੈ। ਇਹ ਸੱਚ ਨਹੀਂ ਹੈ। ਔਰਤਾਂ ਦੇ ਰਾਖਵੇਂਕਰਨ ਨੂੰ ਲਾਗੂ ਕਰਨ ਲਈ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ 33 ਫੀ ਸਦੀ ਸੀਟਾਂ ਅੱਜ ਹੀ ਔਰਤਾਂ ਕੋਲ ਜਾ ਸਕਦੀਆਂ ਹਨ। ਪਰ ਉਨ੍ਹਾਂ ਨੇ ਇਕ ਬਹਾਨਾ ਬਣਾਇਆ ਹੈ... ਉਹ ਚਾਹੁੰਦੇ ਹਨ ਕਿ ਔਰਤਾਂ ਦਾ ਰਾਖਵਾਂਕਰਨ ਦਸ ਸਾਲਾਂ ’ਚ ਲਾਗੂ ਕੀਤਾ ਜਾਵੇ।’’
ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅੱਜ ਹੀ ਮਹਿਲਾ ਰਾਖਵਾਂਕਰਨ ਲਾਗੂ ਹੋ ਜਾਵੇ ਅਤੇ ਓ.ਬੀ.ਸੀ. ਔਰਤਾਂ ਨੂੰ ਵੀ ਮਹਿਲਾ ਰਾਖਵੇਂਕਰਨ ਦਾ ਲਾਭ ਮਿਲਣਾ ਚਾਹੀਦਾ ਹੈ। ਸੂਬਾ ਸਰਕਾਰ ਵਲੋਂ ਵੱਡੀ ਗਿਣਤੀ ’ਚ ਅੰਗਰੇਜ਼ੀ ਮਾਧਿਅਮ ਸਕੂਲ ਖੋਲ੍ਹਣ ਦੀ ਗੱਲ ਕਰਦਿਆਂ ਰਾਹੁਲ ਨੇ ਭਾਜਪਾ ਆਗੂਆਂ ਨੂੰ ਲੰਮੇ ਹੱਥੀਂ ਲਿਆ ਅਤੇ ਕਿਹਾ ਕਿ ਸੰਸਦ ’ਚ ਅੰਗਰੇਜ਼ੀ ਵਿਰੁਧ ਭਾਸ਼ਣ ਦੇਣ ਵਾਲੇ ਭਾਜਪਾ ਆਗੂਆਂ ਦੇ ਬੱਚੇ ਅੰਗਰੇਜ਼ੀ ਮੀਡੀਅਮ ਵਾਲੇ ਸਕੂਲਾਂ ’ਚ ਪੜ੍ਹਦੇ ਹਨ।
ਰਾਹੁਲ ਨੇ ਅਪਣੇ ਸੰਬੋਧਨ ’ਚ ਚਿਰੰਜੀਵੀ ਸਿਹਤ ਬੀਮਾ, 500 ਰੁਪਏ ’ਚ ਗੈਸ ਸਿਲੰਡਰ, ਕਿਸਾਨਾਂ ਦੀ ਕਰਜ਼ਾ ਮੁਆਫੀ ਸਮੇਤ ਸੂਬਾ ਸਰਕਾਰ ਦੀਆਂ ਕਈ ਪਹਿਲਕਦਮੀਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਰਾਜਸਥਾਨ ’ਚ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕੀਤੇ। ਪ੍ਰੋਗਰਾਮ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰ ਨੇਤਾ ਮੌਜੂਦ ਸਨ। ਰਾਜਸਥਾਨ ’ਚ ਇਸ ਸਾਲ ਦੇ ਅੰਤ ’ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।