
Delhi Waqf Board Money laundering case : ਅਦਾਲਤ ਨੇ ਅਗਲੀ ਸੁਣਵਾਈ ਲਈ 25 ਸਤੰਬਰ ਦੀ ਤਰੀਕ ਕੀਤੀ ਤੈਅ
Delhi Waqf Board Money laundering case : ਦਿੱਲੀ ਦੇ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਉਸ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਦੀ ਨਿਆਂਇਕ ਹਿਰਾਸਤ 7 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਅਦਾਲਤ ਨੇ ਅਗਲੀ ਸੁਣਵਾਈ ਲਈ 25 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਅਮਾਨਤੁੱਲਾ ਨੂੰ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ।
ਦਿੱਲੀ ਦੇ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਨਿਆਂਇਕ ਹਿਰਾਸਤ 7 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤੀਆਂ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਰਾਊਜ਼ ਐਵੇਨਿਊ ਕੋਰਟ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਮੈਡੀਕਲ ਰਿਕਾਰਡ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਤੋਂ ਰਿਪੋਰਟ ਵੀ ਮੰਗੀ ਹੈ।
ਅਮਾਨਤੁੱਲਾ ਖ਼ਾਨ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੋ ਐਫਆਈਆਰਜ਼ ਕਾਰਨ ਸ਼ੁਰੂ ਹੋਈ ਹੈ, ਜਿਨ੍ਹਾਂ ਵਿੱਚੋਂ ਇੱਕ ਸੀਬੀਆਈ ਵੱਲੋਂ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਬੇਨਿਯਮੀਆਂ ਵਿੱਚ ਦਰਜ ਕੀਤੀ ਗਈ ਸੀ ਅਤੇ ਦੂਜੀ ਐਫਆਈਆਰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਦਿੱਲੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਵੱਲੋਂ ਦਰਜ ਕੀਤੀ ਗਈ ਸੀ। ਈਡੀ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਦਿੱਲੀ ਵਕਫ਼ ਬੋਰਡ ਵਿੱਚ ਮੁਲਾਜ਼ਮਾਂ ਦੀ ਗ਼ੈਰ-ਕਾਨੂੰਨੀ ਭਰਤੀ ਰਾਹੀਂ ਵੱਡੀ ਰਕਮ ਹਾਸਲ ਕੀਤੀ ਅਤੇ ਆਪਣੇ ਸਾਥੀਆਂ ਦੇ ਨਾਂ ’ਤੇ ਅਚੱਲ ਜਾਇਦਾਦ ਖ਼ਰੀਦਣ ਲਈ ਇਸ ਦਾ ਨਿਵੇਸ਼ ਕੀਤਾ।
ਏਜੰਸੀ ਨੇ ਇੱਕ ਬਿਆਨ ਵਿੱਚ ਦੋਸ਼ ਲਾਇਆ ਸੀ ਕਿ ਵਕਫ਼ ਬੋਰਡ ਵਿੱਚ ਮੁਲਾਜ਼ਮਾਂ ਦੀ ਗ਼ੈਰ-ਕਾਨੂੰਨੀ ਭਰਤੀ ਸੀ ਅਤੇ ਅਮਾਨਤੁੱਲਾ ਖ਼ਾਨ ਦੇ ਚੇਅਰਮੈਨ ਵਜੋਂ ਕਾਰਜਕਾਲ ਦੌਰਾਨ ਉਸ ਨੇ ਵਕਫ਼ ਬੋਰਡ ਦੀਆਂ ਜਾਇਦਾਦਾਂ ਨੂੰ ਗ਼ਲਤ ਢੰਗ ਨਾਲ ਲੀਜ਼ ’ਤੇ ਦੇ ਕੇ ਗ਼ੈਰਕਾਨੂੰਨੀ ਮੁਨਾਫ਼ਾ ਕਮਾਇਆ ਸੀ। ਇਸ ਦੇ ਨਾਲ ਹੀ ਏਜੰਸੀ ਨੇ ਜਨਵਰੀ 'ਚ ਇਸ ਮਾਮਲੇ 'ਚ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਅਮਾਨਤੁੱਲਾ ਦੇ ਤਿੰਨ ਸਾਥੀਆਂ, ਜ਼ੀਸ਼ਾਨ ਹੈਦਰ, ਦਾਊਦ ਨਾਸਿਰ ਅਤੇ ਜਾਵੇਦ ਇਮਾਮ ਸਿੱਦੀਕੀ ਸਮੇਤ ਚਾਰ ਲੋਕਾਂ ਨੂੰ ਨਾਮਜ਼ਦ ਕੀਤਾ ਸੀ।
ਅਮਾਨਤੁੱਲਾ ਖਾਨ ਨੂੰ 2 ਸਤੰਬਰ ਨੂੰ ਨਜ਼ਰਬੰਦ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸ ਤੋਂ ਕੁਝ ਸਵਾਲ ਪੁੱਛੇ ਗਏ, ਜਿਨ੍ਹਾਂ ਦਾ ਉਹ ਸਹੀ ਜਵਾਬ ਨਹੀਂ ਦੇ ਸਕਿਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਨੂੰ 23 ਸਤੰਬਰ ਯਾਨੀ ਅੱਜ ਤੱਕ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ ਮੁੜ 7 ਅਕਤੂਬਰ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਅਮਾਨਤੁੱਲਾ ਖਾਨ ਵੀ ਉਨ੍ਹਾਂ 'ਆਪ' ਨੇਤਾਵਾਂ 'ਚ ਸ਼ਾਮਲ ਹੈ, ਜਿਨ੍ਹਾਂ ਨੂੰ ਏਜੰਸੀ ਨੇ ਮਨੀ ਲਾਂਡਰਿੰਗ ਦੇ ਵੱਖ-ਵੱਖ ਮਾਮਲਿਆਂ 'ਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਆਗੂਆਂ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਦੇ ਨਾਂ ਸ਼ਾਮਲ ਹਨ। ਹਾਲਾਂਕਿ ਕੇਜਰੀਵਾਲ, ਸਿਸੋਦੀਆ ਅਤੇ ਸੰਜੇ ਸਿੰਘ ਹੁਣ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹਨ।
(For more news apart from AAP MLA Amanatullah Khan's judicial custody extended till October 7 News in Punjabi, stay tuned to Rozana Spokesman)