
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੂਬਿਆਂ ਨੂੰ ਅਲਰਟ ਰਹਿਣ ਅਤੇ ਕੋਰੋਨਾ ਨੂੰ ਲੈ ਕੇ ਆਪਣੀ ਤਿਆਰੀ ਯਕੀਨੀ ਬਣਾਉਣ ਲਈ ਕਿਹਾ ਹੈ।
ਨਵੀਂ ਦਿੱਲੀ: ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਤਿਉਹਾਰਾਂ ਦੇ ਸੀਜ਼ਨ ਅਤੇ ਨਵੇਂ ਸਾਲ ਨੂੰ ਲੈ ਕੇ ਸੂਬਿਆਂ ਨੂੰ ਪੱਤਰ ਲਿਖ ਕੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਹਦਾਇਤਾਂ ਵਿਚ ਕਿਹਾ ਗਿਆ ਹੈ ਕਿ ਜਨ ਸਿਹਤ ਉਪਾਵਾਂ ਸਬੰਧੀ ਲੋੜੀਂਦੇ ਕਦਮ ਚੁੱਕਣੇ ਯਕੀਨੀ ਬਣਾਏ ਜਾਣ ਅਤੇ ਕੋਰੋਨਾ ਦੇ ਖਤਰੇ ਨੂੰ ਘੱਟ ਕਰਨ ਲਈ ਟੈਸਟਿੰਗ, ਟਰੈਕਿੰਗ, ਟ੍ਰੀਟਮੈਂਟ(ਇਲਾਜ), ਟੀਕਾਕਰਨ ਅਤੇ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਨੂੰ ਲਾਗੂ ਕੀਤਾ ਜਾਵੇ।
ਹਦਾਇਤਾਂ ਵਿਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਨਿਗਰਾਨੀ ਸਬੰਧੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ ਹਸਪਤਾਲਾਂ ਵਿਚ ਦਾਖਲ ਇਨਫਲੂਐਂਜ਼ਾ ਵਰਗੀ ਬਿਮਾਰੀ ਅਤੇ ਗੰਭੀਰ ਸਾਹ ਦੀ ਬਿਮਾਰੀ ਦੇ ਮਰੀਜ਼ਾਂ ਦੀ ਪਛਾਣ ਕੀਤੀ ਜਾਵੇ ਅਤੇ ਉਹਨਾਂ ਦਾ ਕੋਰੋਨਾ ਟੈਸਟ ਕੀਤਾ ਜਾਵੇ। ਇਸ ਦੇ ਨਾਲ ਹੀ IHIP ਪੋਰਟਲ 'ਤੇ ਇਹਨਾਂ ਮਰੀਜ਼ਾਂ ਬਾਰੇ ਰੋਜ਼ਾਨਾ ਜਾਣਕਾਰੀ ਦੇਣੀ ਪਵੇਗੀ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੂਬਿਆਂ ਨੂੰ ਅਲਰਟ ਰਹਿਣ ਅਤੇ ਕੋਰੋਨਾ ਨੂੰ ਲੈ ਕੇ ਆਪਣੀ ਤਿਆਰੀ ਯਕੀਨੀ ਬਣਾਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਟੈਸਟ, ਟ੍ਰੈਕ, ਟ੍ਰੀਟ ਅਤੇ ਟੀਕਾਕਰਨ ਅਤੇ ਕੋਵਿਡ ਉਚਿਤ ਵਿਵਹਾਰ ਕੋਰੋਨਾ ਵਿਰੁੱਧ ਲੜਾਈ ਵਿਚ ਮਹੱਤਵਪੂਰਨ ਹਥਿਆਰ ਹਨ। ਮਾਂਡਵੀਆ ਨੇ ਸੂਬਿਆਂ ਨੂੰ ਨਿਗਰਾਨੀ ਪ੍ਰਣਾਲੀ ਨੂੰ ਮਜ਼ਬੂਤ ਰੱਖਣ, ਟੈਸਟਿੰਗ ਵਧਾਉਣ ਅਤੇ ਹਸਪਤਾਲਾਂ ਦਾ ਬੁਨਿਆਦੀ ਢਾਂਚਾ ਵੀ ਤਿਆਰ ਕਰਨ ਦੀ ਸਲਾਹ ਦਿੱਤੀ ਹੈ। ਸੂਬਿਆਂ ਵੱਧ ਤੋਂ ਵੱਧ ਟੈਸਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਸੂਬਾ ਸਰਕਾਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਨ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ।
ਜੀਨੋਮ ਸੀਕਵੈਂਸਿੰਗ ਲਈ ਵੱਧ ਤੋਂ ਵੱਧ ਨਮੂਨੇ ਭੇਜੇ ਜਾਣ ਤਾਂ ਜੋ ਵੇਰੀਐਂਟ ਦੀ ਪਛਾਣ ਕੀਤੀ ਜਾ ਸਕੇ। ਸੂਬਾ ਸਰਕਾਰਾਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਲਈ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਜਿਸ ਵਿਚ ਸੂਬਾ ਸਰਕਾਰਾਂ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਤੋਂ ਸਹਿਯੋਗ ਲੈ ਸਕਦੀਆਂ ਹਨ।