
ਪੈ ਰਹੀ ਸੰਘਣੀ ਧੁੰਦ
ਚੰਡੀਗੜ੍ਹ : ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਆਉਣ ਵਾਲੇ ਕੁਝ ਦਿਨਾਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ ਰਹੇਗੀ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੇ 'ਚ ਸ਼ਹਿਰ ਵਾਸੀਆਂ ਨੂੰ ਕੁਝ ਦਿਨਾਂ ਤੱਕ ਸੁੱਕੀ ਠੰਡ ਝੱਲਣੀ ਪਵੇਗੀ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਨਵੰਬਰ ਦਾ ਪੂਰਾ ਮਹੀਨਾ ਖੁਸ਼ਕ ਰਿਹਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸੁੱਕੀ ਠੰਡ 'ਚ ਸਰਦੀ-ਜ਼ੁਕਾਮ ਅਤੇ ਐਲਰਜੀ ਦੀ ਸਮੱਸਿਆ ਕਾਫੀ ਵੱਧ ਜਾਂਦੀ ਹੈ। ਜਿਸ ਕਾਰਨ ਖਾਂਸੀ ਅਤੇ ਗਲੇ 'ਚ ਖਰਾਸ਼ ਦੀ ਸਮੱਸਿਆ ਵੀ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਘੱਟੋ-ਘੱਟ ਅਗਲੇ 10 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਅਕਤੂਬਰ ਅਤੇ ਨਵੰਬਰ ਦੇ ਮਹੀਨਿਆਂ ਵਿੱਚ ਮੀਂਹ ਨਹੀਂ ਪੈਂਦਾ। ਦੂਜੇ ਪਾਸੇ 15 ਦਸੰਬਰ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਕਾਰਨ ਕਈ ਵਾਰ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੈਸਟਰਨ ਡਿਸਟਰਬੈਂਸ ਦੇ ਨੇੜੇ ਨਾ ਆਉਣ ਕਾਰਨ ਮੌਸਮ ਖੁਸ਼ਕ ਜਾ ਰਿਹਾ ਹੈ।
ਦਸੰਬਰ ਮਹੀਨੇ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਵੈਸਟਰਨ ਡਿਸਟਰਬੈਂਸ ਦੀ ਅਣਹੋਂਦ ਕਾਰਨ ਸੂਰਜ ਦੀ ਰੌਸ਼ਨੀ ਸਿੱਧੀ ਆ ਗਈ ਅਤੇ ਇਸ ਕਾਰਨ ਦਿਨ ਦੇ ਨਾਲ-ਨਾਲ ਰਾਤ ਦਾ ਤਾਪਮਾਨ ਵੀ ਥੋੜ੍ਹਾ ਨਿੱਘਾ ਰਿਹਾ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਦਿਨ ਦਾ ਤਾਪਮਾਨ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਧੁੰਦ ਦੀ ਸਥਿਤੀ ਬਣੀ ਰਹੇਗੀ।