
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਅੱਜ ਇਕ ਵਿਅਕਤੀ ਵਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੀ ਵੱਖ-ਵੱਖ ਆਗੂਆਂ ਵਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਜਾਰੀ ਹਨ। ਪਟਿਆਲਾ ਦੇ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਬੇਅਦਬੀ ਦੀਆਂ ਘਟਨਾਵਾਂ ਦੀ ਸਾਜ਼ਿਸ਼ ਰਚਣ ਵਾਲਿਆਂ ਦਾ ਚਿਹਰਾ ਬੇਨਕਾਬ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ”।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਇਸ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਲਿਖਿਆ, “ਪਹਿਲਾਂ ਦਰਬਾਰ ਸਾਹਿਬ ਅਤੇ ਹੁਣ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਹੈ। ਕੁਝ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ, ਘਟਨਾ 'ਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਮਿਸਾਲੀ ਸਜ਼ਾ ਮਿਲੇ ਤਾਂ ਜੋ ਅੱਗੇ ਤੋਂ ਅਜਿਹੀ ਹਰਕਤ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ”।