
ਯੂਕਰੇਨ ਵਿਚ ਚੱਲ ਰਹੇ ਰੂਸੀ ਫੌਜੀ ਹਮਲੇ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਚਾਹੁੰਦਾ ਹੈ।
ਵਾਰਾਣਸੀ: ਯੂਕਰੇਨ ਵਿਚ ਚੱਲ ਰਹੇ ਰੂਸੀ ਫੌਜੀ ਹਮਲੇ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਚਾਹੁੰਦਾ ਹੈ। ਉਹਨਾਂ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਜੰਗ ਵੱਲ ਲੈ ਕੇ ਜਾਣ ਵਾਲੀ ਕੋਈ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ। ਰੱਖਿਆ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵਿਦਿਆਰਥੀਆਂ ਸਮੇਤ ਯੂਕਰੇਨ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਸਾਰੇ ਕਦਮ ਚੁੱਕ ਰਹੀ ਹੈ।
ਭਾਰਤ ਚਾਹੁੰਦਾ ਹੈ ਕਿ ਸ਼ਾਂਤੀ ਬਣੀ ਰਹੇ ਅਤੇ ਅਜਿਹੀ ਕੋਈ ਸਥਿਤੀ ਨਹੀਂ ਹੋਣੀ ਚਾਹੀਦੀ ਜਿਸ ਨਾਲ ਯੁੱਧ ਹੋ ਸਕੇ। ਰਾਜਨਾਥ ਸਿੰਘ ਨੇ ਕਿਹਾ ਕਿ ਕਿਸੇ ਵੀ ਮਾਮਲੇ ਨੂੰ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ। ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੋ ਸਕਦੀ। ਯੂਕਰੇਨ ਵਿਚ ਸਥਿਤੀ ਬਹੁਤ ਹੀ ਗੰਭੀਰ ਹੈ। ਸਾਡੀ ਸਰਕਾਰ ਪੂਰੀ ਨਜ਼ਰ ਰੱਖ ਰਹੀ ਹੈ।
ਸਰਕਾਰ ਨੂੰ ਭਾਰਤੀਆਂ ਦੀ ਪੂਰੀ ਚਿੰਤਾ ਹੈ ਅਤੇ ਭਾਰਤ ਸਰਕਾਰ ਕੋਲ ਸਾਰੇ ਅੰਕੜੇ ਹਨ। ਉਹਨਾਂ ਦੀ ਵਾਪਸੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸਥਿਤੀ ਗੰਭੀਰ ਹੋਣ ਕਾਰਨ ਕਈ ਜਹਾਜ਼ ਉੱਥੇ ਲੈਂਡ ਕਰਨ ਤੋਂ ਅਸਮਰੱਥ ਹਨ। ਸਰਕਾਰ ਨੂੰ ਆਪਣੇ ਨਾਗਰਿਕਾਂ ਦੀ ਪੂਰੀ ਚਿੰਤਾ ਹੈ। ਭਾਰਤ ਦੇ ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਵਿਦਿਆਰਥੀਆਂ ਸਮੇਤ ਲਗਭਗ 18,000 ਭਾਰਤੀਆਂ ਨੂੰ ਯੂਕਰੇਨ ਵਾਪਸ ਲਿਆਉਣ ਲਈ ਕਦਮ ਚੁੱਕ ਰਿਹਾ ਹੈ।
ਦੱਸ ਦੇਈਏ ਕਿ ਯੂਕਰੇਨ ਦੇ ਮੌਜੂਦਾ ਹਾਲਾਤ ਤੋਂ ਬਾਅਦ ਹਵਾਈ ਖੇਤਰ ਨੂੰ ਬੰਦ ਕਰ ਦਿੱਤਾ ਗਿਆ ਹੈ। ਕੀਵ ਸਥਿਤ ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੱਤੀ ਹੈ ਕਿ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦੂਤਾਵਾਸ ਨੇ ਕਿਹਾ ਕਿ ਯੂਕਰੇਨ ਵਿਚ ਹਵਾਈ ਖੇਤਰ ਬੰਦ ਹੋਣ ਕਾਰਨ ਵਿਸ਼ੇਸ਼ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।