
ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ ਦੇ ਹੁਕਮ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੇ ਮੁੱਦੇ ਨੂੰ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਵਿਚਾਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਰਾਜਬੀਰ ਸਹਿਰਾਵਤ ਦੀ ਡਿਵੀਜ਼ਨ ਬੈਂਚ ਨੇ ਡਾ. ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਨੂੰ ਘੱਟੋ-ਘੱਟ ਸਿਧਾਂਤਕ ਤੌਰ 'ਤੇ ਅਦਾਲਤ ਵਿਚ ਰੱਖਿਆ ਜਾਵੇ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 30 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਲੀਗਲ ਸਟੱਡੀਜ਼ (UILS) ਤੋਂ ਸੇਵਾਮੁਕਤ ਪ੍ਰੋਫੈਸਰ ਡਾ. ਸੰਗੀਤਾ ਭੱਲਾ ਵੱਲੋਂ 60 ਸਾਲ ਦੀ ਉਮਰ ਵਿਚ ਸੇਵਾਮੁਕਤ ਹੋਣ ਦੇ ਮਾਮਲੇ ਨੂੰ ਚੁਣੌਤੀ ਦਿੱਤੀ ਗਈ ਸੀ। ਡਾਕਟਰ ਭੱਲਾ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਵੱਲੋਂ ਪਹਿਲੀ ਅਪਰੈਲ ਤੋਂ ਯੂਟੀ ਵਿਚ ਕੇਂਦਰੀ ਸੇਵਾ ਨਿਯਮ ਲਾਗੂ ਕੀਤੇ ਗਏ ਸਨ।
ਇਸ ਫੈਸਲੇ ਨਾਲ ਪੀਯੂ ਮਾਨਤਾ ਪ੍ਰਾਪਤ ਚੰਡੀਗੜ੍ਹ ਕਾਲਜਾਂ ਵਿਚ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਹੋ ਗਈ ਹੈ, ਜਦਕਿ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਹੈ। ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਕੇਂਦਰ ਸਰਕਾਰ ਦੇ ਕੇਂਦਰੀ ਤਨਖਾਹ ਸਕੇਲ ਵਿਚ ਯੂਟੀ ਦੇ ਸਾਰੇ ਉੱਚ ਸਿੱਖਿਆ ਅਦਾਰੇ ਵੀ ਸ਼ਾਮਲ ਹਨ।
ਪ੍ਰੋ. ਭੱਲਾ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਯੂਨੀਵਰਸਿਟੀ ਦੇ ਪ੍ਰੋਫੈਸਰ ਨਾਲ ਇਹ ਪੂਰੀ ਤਰ੍ਹਾਂ ਵਿਤਕਰਾ ਹੈ। ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਆਪਣਾ ਪੱਖ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।