
ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਮੁਫ਼ਤ ਐਲਾਨਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਕੀਤਾ ਹੈ।
ਨਵੀਂ ਦਿੱਲੀ: ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਮੁਫ਼ਤ ਐਲਾਨਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਇਸ ਸਬੰਧੀ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਵਲੋਂ ਮੁਫ਼ਤ ਤੋਹਫ਼ਿਆਂ ਦੇ ਵਾਅਦੇ 'ਤੇ ਚਿੰਤਾ ਪ੍ਰਗਟਾਈ ਹੈ। ਸੀਜੇਆਈ ਐਨਵੀ ਰਮਨਾ ਨੇ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ, ਇਸ ਵਿਚ ਕੋਈ ਸ਼ੱਕ ਨਹੀਂ ਹੈ।
ਪਾਰਟੀਆਂ ਚੋਣਾਂ ਜਿੱਤਣ ਲਈ ਵਾਅਦੇ ਕਰਦੀਆਂ ਹਨ। ਇਕ ਸੀਮਤ ਦਾਇਰੇ ਵਿਚ ਅਸੀਂ ਚੋਣ ਕਮਿਸ਼ਨ ਨੂੰ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਬਾਅਦ ਵਿਚ ਉਹਨਾਂ ਨੇ ਸਾਡੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਰਫ ਇਕ ਮੀਟਿੰਗ ਕੀਤੀ। ਉਹਨਾਂ ਨੇ ਸਿਆਸੀ ਪਾਰਟੀਆਂ ਤੋਂ ਵਿਚਾਰ ਮੰਗੇ ਅਤੇ ਉਸ ਤੋਂ ਬਾਅਦ ਮੈਨੂੰ ਨਹੀਂ ਪਤਾ ਕਿ ਕੀ ਹੋਇਆ।
ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਪੁੱਛਿਆ ਕਿ ਉਹਨਾਂ ਨੇ ਕੁਝ ਹੀ ਪਾਰਟੀਆਂ ਨੂੰ ਕਿਉਂ ਸ਼ਾਮਲ ਕੀਤਾ ਹੈ। ਪਟੀਸ਼ਨਰ ਵਲੋਂ ਵਿਕਾਸ ਸਿੰਘ ਨੇ ਕਿਹਾ ਕਿ ਉਹ ਹੋਰ ਧਿਰਾਂ ਨੂੰ ਵੀ ਸ਼ਾਮਲ ਕਰਨਗੇ। ਦਰਅਸਲ ਵੋਟਰਾਂ ਨੂੰ ਲੁਭਾਉਣ ਲਈ ਰਾਜਨੀਤਿਕ ਪਾਰਟੀਆਂ ਦੁਆਰਾ ਜਨਤਕ ਫੰਡਾਂ ਤੋਂ ਮੁਫਤ 'ਤੋਹਫ਼ੇ' ਦੇ ਵਾਅਦਿਆਂ ਨੂੰ ਵੰਡਣ ਵਿਰੁੱਧ ਸੁਪਰੀਮ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਪਟੀਸ਼ਨ ਵਿਚ ਚੋਣ ਕਮਿਸ਼ਨ ਨੂੰ ਅਜਿਹੀਆਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਰਜਿਸਟ੍ਰੇਸ਼ਨ ਰੱਦ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਸਮੇਂ 'ਤੋਹਫ਼ਿਆਂ' ਦਾ ਐਲਾਨ ਕਰਨ ਨਾਲ ਚੋਣ ਪ੍ਰਕਿਰਿਆ ਦੀ ਸ਼ੁੱਧਤਾ ਪ੍ਰਭਾਵਿਤ ਹੁੰਦੀ ਹੈ। ਅਜਿਹੇ ‘ਲਾਲਚਾਂ’ ਨੇ ਨਿਰਪੱਖ ਚੋਣਾਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਪਟੀਸ਼ਨ ਵਿਚ ਸਿਆਸੀ ਪਾਰਟੀਆਂ ਦੇ ਅਜਿਹੇ ਫੈਸਲਿਆਂ ਨੂੰ ਸੰਵਿਧਾਨ ਦੀ ਧਾਰਾ 14, 162, 266 (3) ਅਤੇ 282 ਦੀ ਉਲੰਘਣਾ ਦੱਸਿਆ ਗਿਆ ਹੈ।