
BBMB News : ਬੀ.ਬੀ.ਐਮ.ਬੀ ਦਾ ਨਵਾਂ ਮੈਂਬਰ ਲਾਉਣ ਦਾ ਫ਼ੈਸਲਾ ਲਿਆ ਵਾਪਸ
Haryana & Punjab BBMB Latest news in Punjabi : ਪੰਜਾਬ ਸਰਕਾਰ ਦੇ ਸਖ਼ਤ ਸਟੈਂਡ ਮਗਰੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿਚ ਚੁੱਪ-ਚੁਪੀਤੇ ਮੈਂਬਰ (ਸਿੰਜਾਈ) ਲਾਉਣ ਦਾ ਫ਼ੈਸਲਾ ਹਰਿਆਣਾ ਸਰਕਾਰ ਨੇ ਵਾਪਸ ਲੈ ਲਿਆ ਹੈ। ਅੱਜ ਦੇਰ ਸ਼ਾਮ ਹਰਿਆਣਾ ਦੇ ਵਧੀਕ ਮੁੱਖ ਸਕੱਤਰ (ਜਲ ਸਰੋਤ) ਨੇ ਪੱਤਰ ਜਾਰੀ ਕਰ ਕੇ ਕਲ (23 ਜਨਵਰੀ) ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਹਰਿਆਣਾ ਸਰਕਾਰ ਨੇ ਬੀ.ਬੀ.ਐਮ.ਬੀ ਵਿਚ ਮੁੱਖ ਇੰਜਨੀਅਰ ਰਾਕੇਸ਼ ਚੌਹਾਨ ਨੂੰ 23 ਜਨਵਰੀ ਨੂੰ ਬਤੌਰ ਮੈਂਬਰ (ਸਿੰਜਾਈ) ਨਿਯੁਕਤ ਕਰ ਦਿਤਾ ਸੀ। ਇਸ ਨਿਯੁਕਤੀ ਵਿਰੁਧ ਪੰਜਾਬ ਸਰਕਾਰ ਨੇ ਅੰਦਰੋਂ-ਅੰਦਰੀ ਬਿਖੇੜਾ ਖੜ੍ਹਾ ਕਰ ਦਿਤਾ ਸੀ। ਪੰਜਾਬ ਦੀ ਮੁਸਤੈਦੀ ਨੇ ਹਰਿਆਣਾ ਦੀ ਗੁਪਤ ਚਾਲ ਨੂੰ ਆਖ਼ਰ ਅਸਫ਼ਲ ਕਰ ਦਿਤਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਹਾਲਾਂਕਿ, ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਸੋਧ) ਰੂਲਜ਼ 2022 ਰਾਹੀਂ ਪੰਜਾਬ ਤੇ ਹਰਿਆਣਾ ਦੀ ਬੀ.ਬੀ.ਐਮ.ਬੀ ’ਚੋਂ ਲਾਜ਼ਮੀ ਨੁਮਾਇੰਦਗੀ 23 ਫ਼ਰਵਰੀ 2022 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਖ਼ਤਮ ਕਰ ਦਿਤੀ ਸੀ। ਆਮ ਸਹਿਮਤੀ ਮੁਤਾਬਕ, ਬੀ.ਬੀ.ਐਮ.ਬੀ ਵਿਚ ਮੈਂਬਰ (ਪਾਵਰ) ਪੰਜਾਬ ’ਚੋਂ ਅਤੇ ਮੈਂਬਰ (ਸਿੰਜਾਈ) ਹਰਿਆਣਾ ’ਚੋਂ ਲੱਗਦਾ ਰਿਹਾ ਹੈ।
ਨਿਯਮਾਂ ਅਨੁਸਾਰ ਹੁਣ ਪੱਕੇ ਮੈਂਬਰਾਂ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਕਰਨੀ ਹੁੰਦੀ ਹੈ ਪ੍ਰੰਤੂ ਹਰਿਆਣਾ ਸਰਕਾਰ ਨੇ ਅਪਣੇ ਪੱਧਰ 'ਤੇ ਖ਼ੁਦ ਹੀ ਰਾਕੇਸ਼ ਚੌਹਾਨ ਨੂੰ ਬੀ.ਬੀ.ਐਮ.ਬੀ ਵਿਚ ਮੈਂਬਰ (ਸਿੰਜਾਈ) ਵਜੋਂ ਤਾਇਨਾਤ ਕਰ ਦਿਤਾ ਸੀ ਅਤੇ ਇਸ ਮਾਮਲੇ 'ਤੇ ਇਕ ਵਾਰ ਤਾਂ ਬੀ.ਬੀ.ਐਮ.ਬੀ ਨੇ ਵੀ ਚੁੱਪ ਵੱਟ ਲਈ ਸੀ। ਅੱਜ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਹਰਿਆਣਾ ਨੂੰ ਮੋੜਵਾਂ ਜਵਾਬ ਦੇਣ ਲਈ ਮੁੱਖ ਇੰਜਨੀਅਰ ਹਰਿੰਦਰ ਪਾਲ ਸਿੰਘ ਬੇਦੀ ਨੂੰ ਬੀ.ਬੀ.ਐਮ.ਬੀ ਵਿਚ ਬਤੌਰ ਸਕੱਤਰ ਲਗਾਏ ਜਾਣ ਦੇ ਲਿਖਤੀ ਹੁਕਮ ਜਾਰੀ ਕਰ ਦਿਤੇ ਸਨ, ਜਿਸ ਮਗਰੋਂ ਬੀ.ਬੀ.ਐਮ.ਬੀ ਹਰਕਤ ਵਿਚ ਆ ਗਿਆ।
ਬੀ.ਬੀ.ਐਮ.ਬੀ ਨੇ ਹਰਿਆਣਾ ਦੇ ਵਧੀਕ ਮੁੱਖ ਸਕੱਤਰ (ਜਲ ਸਰੋਤ) ਨੂੰ ਅੱਜ ਹੀ ਪੱਤਰ ਲਿਖ ਕੇ ਹਰਿਆਣਾ ਵਲੋਂ 23 ਜਨਵਰੀ ਨੂੰ ਅਪਣੇ ਪੱਧਰ 'ਤੇ ਲਾਏ ਮੈਂਬਰ (ਸਿੰਜਾਈ) ਦੀ ਨਿਯੁਕਤੀ 'ਤੇ ਇਤਰਾਜ਼ ਪ੍ਰਗਟਾਇਆ ਸੀ। ਪੰਜਾਬ ਸਰਕਾਰ ਦੇ ਹਰਕਤ ਵਿਚ ਆਉਣ ਮਗਰੋਂ ਬੀ.ਬੀ.ਐਮ.ਬੀ ਨੇ ਪੱਤਰ ਲਿਖ ਕੇ ਹਰਿਆਣਾ ਨੂੰ ਕਿਹਾ ਕਿ ਮੈਂਬਰ (ਸਿੰਜਾਈ) ਦੀ ਨਿਯੁਕਤੀ ਕੇਂਦਰ ਸਰਕਾਰ ਵਲੋਂ ਕੀਤੀ ਜਾਂਦੀ ਹੈ ਅਤੇ ਪੰਜਾਬ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ ਮੁਤਾਬਕ ਇਹ ਨਿਯੁਕਤੀ ਠੀਕ ਨਹੀਂ ਹੈ।
ਪੱਤਰ ਵਿਚ ਇਹ ਵੀ ਲਿਖਿਆ ਗਿਆ ਕਿ ਸੂਬਿਆਂ ਦੇ ਕੋਟੇ ਦੀ ਵਿਵਸਥਾ ਵਿਚ ਪੱਕੇ ਮੈਂਬਰਾਂ ਦੀ ਨਿਯੁਕਤੀ ਨਹੀਂ ਆਉਂਦੀ ਹੈ। ਬੀ.ਬੀ.ਐਮ.ਬੀ ਵਲੋਂ ਅੱਜ ਲਿਖੇ ਪੱਤਰ ਨਾਲ ਹਰਿਆਣਾ ਦੇ ਮੈਂਬਰ (ਸਿੰਜਾਈ) ਦੀ ਨਿਯੁਕਤੀ 'ਤੇ ਉਂਗਲ ਉੱਠ ਗਈ ਸੀ, ਜਿਸ ਨੂੰ ਭਾਂਪਦਿਆਂ ਹਰਿਆਣਾ ਸਰਕਾਰ ਨੇ ਬਿਨਾਂ ਕਿਸੇ ਦੇਰੀ ਤੋਂ ਅਪਣਾ ਮੈਂਬਰ ਲਗਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।
ਕੀ ਖੱਟਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਅਪਣੇ ਆਪ ਮੈਂਬਰ ਲਾਉਣ ਦਾ ਫ਼ੈਸਲਾ ਲਿਆ?
ਚਰਚਾ ਹੈ ਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ, ਜੋ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹਨ, ਦੇ ਕਥਿਤ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਬੀ.ਬੀ.ਐਮ.ਬੀ ਵਿਚ ਅਪਣੇ ਆਪ ਮੈਂਬਰ (ਸਿੰਜਾਈ) ਲਾਉਣ ਦਾ ਫ਼ੈਸਲਾ ਲਿਆ ਪਰ ਕਿਧਰੋਂ ਵੀ ਇਸ ਗੱਲ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਸੂਤਰਾਂ ਮੁਤਾਬਕ ਖੱਟਰ ਬੀ.ਬੀ.ਐਮ.ਬੀ 'ਚੋਂ ਪੰਜਾਬ ਤੇ ਹਰਿਆਣਾ ਕੋਲੋਂ ਖੋਹੀ ਪੱਕੀ ਨੁਮਾਇੰਦਗੀ ਨੂੰ ਮੁੜ ਵਾਪਸ ਕਰਨ ਦੇ ਰੋਸ ਵਿਚ ਹਨ।
(For more Punjabi news apart from Haryana & Punjab BBMB Latest news in Punjabi stay tuned to Rozana Spokesman)