
ਸੁਰੱਖਿਆ ਬਲਾਂ ਨੇ ਬਾਂਦੀਪੋਰਾ 'ਚ ਦੋ ਅੱਤਵਾਦੀਆਂ ਨੂੰ ਵੀ ਕੀਤਾ ਗ੍ਰਿਫਤਾਰ
ਜੰਮੂ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਸੁਰੱਖਿਆ ਬਲਾਂ ਨੇ ਤੰਗਧਾਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਨੇ ਬਾਂਦੀਪੋਰਾ 'ਚ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਦੋਵਾਂ ਥਾਵਾਂ ਤੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਕਸ਼ਮੀਰ ਪੁਲਿਸ ਨੇ ਦੱਸਿਆ ਕਿ ਤੰਗਧਾਰ 'ਚ ਮਾਰੇ ਗਏ ਅੱਤਵਾਦੀ ਕੋਲੋਂ ਤਿੰਨ ਏ.ਕੇ.-47 ਰਾਈਫਲਾਂ, ਤਿੰਨ ਪਿਸਤੌਲ, ਤਿੰਨ ਮੈਗਜ਼ੀਨ, 2 ਚੀਨੀ ਹੈਂਡ ਗ੍ਰੇਨੇਡ ਅਤੇ 200 ਤੋਂ ਜ਼ਿਆਦਾ ਏ.ਕੇ.-47 ਰਾਈਫਲ ਦੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਨੇ ਅੱਤਵਾਦੀ ਕੋਲੋਂ ਖਾਣ-ਪੀਣ ਦੀਆਂ ਚੀਜ਼ਾਂ ਅਤੇ ਕੁਝ ਦਵਾਈਆਂ ਵੀ ਬਰਾਮਦ ਕੀਤੀਆਂ ਹਨ। ਜਿਸ ਕਾਰਨ ਸਾਫ਼ ਹੈ ਕਿ ਇਹ ਅੱਤਵਾਦੀ ਆਪਣੇ ਨਾਪਾਕ ਮਨਸੂਬਿਆਂ ਨਾਲ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ ਸਨ।
ਜਾਣਕਾਰੀ ਮੁਤਾਬਕ ਬਾਂਦਾਪੋਰਾ 'ਚ ਵੀ ਘੁਸਪੈਠ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਬਾਂਦੀਪੋਰਾ ਪੁਲਿਸ ਅਤੇ ਸੀਆਰਪੀਐਫ ਦੇ ਸਾਂਝੇ ਆਪਰੇਸ਼ਨ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਲਸ਼ਕਰ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਚੀਨ 'ਚ ਬਣੇ ਦੋ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਘੁਸਪੈਠ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਿਸ ਤੋਂ ਬਾਅਦ ਸੀ.ਆਰ.ਪੀ.ਐਫ ਨੇ ਪੁਲਿਸ ਨਾਲ ਮਿਲ ਕੇ ਆਪ੍ਰੇਸ਼ਨ ਕੀਤਾ ਅਤੇ ਇਹ ਸਫਲਤਾ ਹਾਸਲ ਕੀਤੀ।
ਸੁਰੱਖਿਆ ਬਲਾਂ ਨੇ ਕਈ ਵਾਰ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਅੱਤਵਾਦੀ ਮਾਰਿਆ ਗਿਆ ਸੀ। ਇਸ ਤੋਂ ਇਲਾਵਾ ਇਸ ਆਪਰੇਸ਼ਨ 'ਚ ਦੋ ਹੋਰ ਅੱਤਵਾਦੀ ਵੀ ਜ਼ਖਮੀ ਹੋ ਗਏ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀ ਕੋਲੋਂ ਇਕ ਏ.ਕੇ.-47 ਰਾਈਫਲ, ਇਕ ਆਟੋਮੈਟਿਕ ਹਥਿਆਰ, 6 ਮੈਗਜ਼ੀਨ, 2 ਗ੍ਰਨੇਡ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।