
ਦਿੱਲੀ ਸਰਕਾਰ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਵੇਗੀ
Delhi Budget 2025: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਅੱਜ 2025-26 ਦਾ ਬਜਟ ਪੇਸ਼ ਕੀਤਾ ਹੈ। ਇਹ ਬਜਟ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੇਸ਼ ਕੀਤਾ, ਜਿਨ੍ਹਾਂ ਕੋਲ ਵਿੱਤ ਮੰਤਰੀ ਦਾ ਅਹੁਦਾ ਵੀ ਹੈ। ਬਜਟ ਪੇਸ਼ ਕਰਦੇ ਸਮੇਂ, ਸੀਐਮ ਗੁਪਤਾ ਨੇ ਮਹਿਲਾ ਸਮ੍ਰਿੱਧੀ ਯੋਜਨਾ ਲਈ 5,100 ਕਰੋੜ ਰੁਪਏ ਦਾ ਐਲਾਨ ਕੀਤਾ।
ਇਸ ਪਹਿਲਕਦਮੀ ਦਾ ਉਦੇਸ਼ ਰਾਸ਼ਟਰੀ ਰਾਜਧਾਨੀ ਵਿਚ ਯੋਗ ਔਰਤਾਂ ਨੂੰ 2,500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਦੱਸ ਦੇਈਏ ਕਿ ਦਿੱਲੀ ਵਿਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। 8 ਮਾਰਚ 2025 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਿੱਲੀ ਕੈਬਨਿਟ ਨੇ ਦਿੱਲੀ ਮਹਿਲਾ ਸਮ੍ਰਿਧੀ ਯੋਜਨਾ ਨੂੰ ਮਨਜ਼ੂਰੀ ਦਿਤੀ।
ਇਸ ਲਈ ਸਰਕਾਰ ਨੇ 5100 ਕਰੋੜ ਰੁਪਏ ਅਲਾਟ ਕੀਤੇ ਹਨ। ਇਹ ਯੋਜਨਾ ਔਰਤਾਂ ਨੂੰ ਵਿੱਤੀ ਆਜ਼ਾਦੀ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਇਰਾਦੇ ਨਾਲ ਤਿਆਰ ਕੀਤੀ ਗਈ ਹੈ। ਇਸ ਯੋਜਨਾ ਰਾਹੀਂ, ਦਿੱਲੀ ਸਰਕਾਰ ਵਲੋਂ ਹਰ ਮਹੀਨੇ 2500 ਰੁਪਏ ਦੀ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ। ਹਾਲਾਂਕਿ, ਇਸਦੇ ਲਈ, ਕੁਝ ਗੱਲਾਂ ਹਨ ਜਿਨ੍ਹਾਂ ਨੂੰ ਧਿਆਨ ਵਿਚ ਰੱਖਣ ਦੀ ਲੋੜ ਹੈ।
ਦਿੱਲੀ ਵਿਚ ਮਹਿਲਾ ਸਮ੍ਰਿਧੀ ਯੋਜਨਾ ਦੇ ਲਾਭ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਮਿਲਣਗੇ ਜਿਨ੍ਹਾਂ ਦੀ ਉਮਰ 21 ਤੋਂ 60 ਸਾਲ ਦੇ ਵਿਚਕਾਰ ਹੈ। ਇਸ ਤੋਂ ਇਲਾਵਾ, ਜਿਸ ਔਰਤ ਨੂੰ ਇਹ ਰਕਮ ਦਿਤੀ ਜਾਵੇਗੀ, ਉਹ ਘੱਟੋ-ਘੱਟ 5 ਸਾਲਾਂ ਲਈ ਦਿੱਲੀ ਦੀ ਸਥਾਈ ਨਿਵਾਸੀ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਯੋਜਨਾ ਮੁੱਖ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੀਆਂ ਔਰਤਾਂ ਲਈ ਹੈ।
ਇਸ ਵਿਚ ਬੀਪੀਐਲ ਕਾਰਡ ਧਾਰਕਾਂ ਨੂੰ ਤਰਜੀਹ ਦਿਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰੀ ਨੌਕਰੀਆਂ ਕਰਨ ਵਾਲੀਆਂ ਔਰਤਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਆਮਦਨ ਟੈਕਸ ਭਰਦੇ ਹਨ, ਇਸ ਯੋਜਨਾ ਲਈ ਯੋਗ ਨਹੀਂ ਹਨ।