
Delhi News : ਗ੍ਰਹਿ ਮੰਤਰੀ ਨੇ ਸਾਰੇ ਮੁੱਖ ਮੰਤਰੀਆਂ ਨੂੰ ਕੀਤਾ ਫੋਨ, ਕਿਹਾ, ਸਿਰਫ਼ ਹਿੰਦੂਆਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਲੰਮੇ ਸਮੇਂ ਦੇ ਵੀਜ਼ੇ ਜਾਰੀ ਰਹਿਣਗੇ
Delhi News in Punjabi : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁਕਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਪਾਕਿਸਤਾਨੀ ਦੇਸ਼ ਛੱਡਣ ਲਈ ਨਿਰਧਾਰਤ ਸਮਾਂ ਸੀਮਾ ਤੋਂ ਬਾਅਦ ਭਾਰਤ ’ਚ ਨਾ ਰਹੇ।
ਭਾਰਤ ਨੇ ਵੀਰਵਾਰ ਨੂੰ 27 ਅਪ੍ਰੈਲ ਤੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਵੀਜ਼ਾ ਰੱਦ ਕਰਨ ਦਾ ਐਲਾਨ ਕੀਤਾ ਅਤੇ ਪਾਕਿਸਤਾਨ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਘਰ ਪਰਤਣ ਦੀ ਸਲਾਹ ਦਿਤੀ ਸੀ। ਸੂਤਰਾਂ ਨੇ ਦਸਿਆ ਕਿ ਗ੍ਰਹਿ ਮੰਤਰੀ ਨੇ ਨਿੱਜੀ ਤੌਰ ’ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਪਾਕਿਸਤਾਨੀ ਸਮਾਂ ਸੀਮਾ ਤੋਂ ਬਾਅਦ ਭਾਰਤ ’ਚ ਨਾ ਰਹੇ।
ਸੂਤਰਾਂ ਨੇ ਦਸਿਆ ਕਿ ਮੁੱਖ ਮੰਤਰੀਆਂ ਨੂੰ ਅਪਣੇ-ਅਪਣੇ ਖੇਤਰਾਂ ’ਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਹਾਲਾਂਕਿ ਇਹ ਵੀਜ਼ਾ ਰੱਦ ਕਰਨਾ ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਵੀਜ਼ਿਆਂ ’ਤੇ ਲਾਗੂ ਨਹੀਂ ਹੁੰਦਾ ਜੋ ਜਾਇਜ਼ ਰਹਿਣਗੇ।
ਭਾਰਤ ਨੇ ਪਹਿਲਗਾਮ ਹਮਲੇ ਨਾਲ ਸਰਹੱਦ ਪਾਰ ਸਬੰਧਾਂ ਨੂੰ ਲੈ ਕੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਤੁਰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ, ਜੋ 26/11 ਦੇ ਮੁੰਬਈ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਵਿਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਸੱਭ ਤੋਂ ਭਿਆਨਕ ਅਤਿਵਾਦੀ ਹਮਲਾ ਹੈ।
ਇਸ ਤੋਂ ਇਲਾਵਾ ਸਰਕਾਰ ਨੇ ਬੁਧਵਾਰ ਨੂੰ ਐਲਾਨ ਕੀਤਾ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਸਾਰਕ ਵੀਜ਼ਾ ਛੋਟ ਯੋਜਨਾ (ਐਸ.ਵੀ.ਈ.ਐਸ.) ਤਹਿਤ ਭਾਰਤ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ ਅਤੇ ਇਸ ਸਮੇਂ ਐਸ.ਵੀ.ਈ.ਐਸ. ਵੀਜ਼ਾ ਤਹਿਤ ਭਾਰਤ ’ਚ ਮੌਜੂਦ ਕਿਸੇ ਵੀ ਪਾਕਿਸਤਾਨੀ ਨਾਗਰਿਕ ਕੋਲ ਦੇਸ਼ ਛੱਡਣ ਲਈ 48 ਘੰਟੇ ਦਾ ਸਮਾਂ ਸੀ।
(For more news apart from No Pakistani should stay in India after the deadline: Amit Shah News in Punjabi, stay tuned to Rozana Spokesman)