
ਮੀਂਹ ਨਾਲ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ
ਚੰਡੀਗੜ੍ਹ- ਮਈ ਦੇ ਮਹੀਨੇ ਵਿਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਪਰ ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 23 ਤੋਂ 29 ਮਈ ਦੇ ਦੌਰਾਨ ਮੌਸਮ ਦਾ ਮਿਜ਼ਾਜ਼ ਬਦਲੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਮੌਸਮ ਬਦਲੇਗਾ ਅਤੇ ਆਉਣ ਵਾਲੇ ਦਿਨਾਂ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਅਨੁਸਾਰ ਸੂਬੇ 'ਚ 29 ਮਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 27 ਤਰੀਕ ਤੱਕ ਯੈਲੋ ਅਲਰਟ ਹੈ ਅਤੇ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ। ਇਸ ਦੇ ਨਾਲ ਹੀ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਫਤਿਹਗੜ੍ਹ ਸਾਹਿਬ, ਐਸਬੀਐਸ ਨਗਰ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਵੀ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਬਠਿੰਡਾ, ਮੋਹਾਲੀ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਸਾਰੇ ਇਲਾਕਿਆਂ ਵਿਚ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਐਸਬੀਐਸ ਨਗਰ ਵਿਚ 82 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਰੋਪੜ ਵਿਚ 49.5 ਮਿਲੀਮੀਟਰ, ਜਲੰਧਰ ਵਿੱਚ 36 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 19.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 12.8 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਜੇਕਰ ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ 25 ਤੋਂ 31 ਮਈ ਤੱਕ ਗਰਮੀ ਲੋਕਾਂ ਦਾ ਬੁਰਾ ਹਾਲ ਕਰ ਦਿੰਦੀ ਸੀ। 2022 ਵਿਚ ਮਈ ਮਹੀਨੇ ਵਿਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ, 2021 ਵਿੱਚ 44 ਡਿਗਰੀ, 2020 ਵਿੱਚ 44 ਡਿਗਰੀ ਅਤੇ 2019 ਵਿੱਚ 45 ਡਿਗਰੀ ਤੱਕ ਪਹੁੰਚ ਗਿਆ ਸੀ ਪਰ ਇਸ ਸਾਲ ਅਜਿਹਾ ਨਹੀਂ ਹੈ। 25 ਤੋਂ 31 ਮਈ ਤੱਕ ਵੈਸਟਰਨ ਡਿਸਟਰਬੈਂਸ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।