
ਮਹਿਬੂਬਾ ਨੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਬਿਜਬੇਹਰਾ ਥਾਣੇ ਦੇ ਬਾਹਰ ਧਰਨਾ ਦਿੱਤਾ।
ਨਵੀਂ ਦਿੱਲੀ - ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਆਪਣੀ ਪਾਰਟੀ ਦੇ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਕਥਿਤ ਤੌਰ 'ਤੇ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਇੱਕ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੋਟਿੰਗ ਜਾਰੀ ਹੈ, ਜਿੱਥੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਸਮੇਤ 20 ਉਮੀਦਵਾਰ ਮੈਦਾਨ 'ਚ ਹਨ।
ਮਹਿਬੂਬਾ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਬਾਹਰ ਜਾਣ ਵਾਲੀ ਕਾਲ ਦੀ ਸਹੂਲਤ ਨੂੰ ਬਿਨਾਂ ਕਿਸੇ ਸਪੱਸ਼ਟੀਕਰਨ ਦੇ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਪੁਲਿਸ ਨੇ ਕਿਹਾ ਕਿ ਹਿਰਾਸਤ ਵਿਚ ਲਏ ਗਏ ਲੋਕ "ਓਵਰਗਰਾਊਂਡ ਵਰਕਰ" (ਅਤਿਵਾਦੀਆਂ ਦੇ ਸਹਿਯੋਗੀ) ਸਨ ਅਤੇ ਇਹ ਕਾਰਵਾਈ ਚੋਣਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਸੀ।
ਮਹਿਬੂਬਾ ਨੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਬਿਜਬੇਹਰਾ ਥਾਣੇ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਹਿਰਾਸਤ 'ਚ ਲਏ ਗਏ ਲੋਕਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਪੀਡੀਪੀ ਪੋਲਿੰਗ ਏਜੰਟ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਅਸੀਂ ਕਾਰਨ ਪੁੱਛ ਰਹੇ ਹਾਂ ਪਰ ਉਹ ਕੁਝ ਨਹੀਂ ਕਹਿ ਰਹੇ। ਜੇ ਉਹ ਮੇਰੇ ਸੰਸਦ ਜਾਣ ਤੋਂ ਇੰਨੇ ਡਰਦੇ ਹਨ ਤਾਂ ਉਪ ਰਾਜਪਾਲ ਨੂੰ ਮੈਨੂੰ ਚੋਣ ਨਾ ਲੜਨ ਲਈ ਕਹਿਣਾ ਚਾਹੀਦਾ ਹੈ।’’
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹੇਰਾਫੇਰੀ 1987 'ਚ ਦੇਖਣ ਨੂੰ ਮਿਲੀ ਸੀ। ਕਈਆਂ ਦਾ ਮੰਨਣਾ ਹੈ ਕਿ ਕਸ਼ਮੀਰ ਵਿਚ ਅਤਿਵਾਦ ਦੇ ਕਾਰਨ ਹੀ ਇਹ ਸੀ।
ਪੁਲਿਸ ਨੇ ਕਿਹਾ ਕਿ ਸਿਰਫ਼ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਦਾ "ਮਾੜਾ ਟਰੈਕ ਰਿਕਾਰਡ" ਹੈ ਜੋ ਵੋਟਿੰਗ ਵਾਲੇ ਦਿਨ ਕਾਨੂੰਨ ਅਤੇ ਵਿਵਸਥਾ ਲਈ ਖ਼ਤਰਾ ਪੈਦਾ ਕਰ ਸਕਦੇ ਹਨ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ ਲੋਕ ਓਵਰਗਰਾਊਂਡ ਵਰਕਰ ਹਨ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ’’ ਪ੍ਰਦਰਸ਼ਨਕਾਰੀ ਯਾਸਮੀਨ ਨੇ ਕਿਹਾ ਕਿ ਹਿਰਾਸਤ 'ਚ ਲਏ ਗਏ ਲੋਕਾਂ 'ਚ ਉਸ ਦਾ ਪਤੀ ਵੀ ਸ਼ਾਮਲ ਹੈ। ਉਹਨਾਂ ਨੇ ਕਿਹਾ ਕਿ "ਮੈਂ ਕੱਲ੍ਹ ਰਾਤ ਬਹੁਤ ਚਿੰਤਤ ਸੀ। ਮੇਰਾ ਪਤੀ ਕਿਸੇ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਨਹੀਂ ਹੈ ਫਿਰ ਵੀ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ’’
"ਸਾਨੂੰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ। ਅੱਜ ਵੋਟਿੰਗ ਦਾ ਦਿਨ ਹੈ ਅਤੇ ਹਰ ਕਿਸੇ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਉਨ੍ਹਾਂ ਨੂੰ ਹਿਰਾਸਤ ਵਿਚ ਕਿਉਂ ਲਿਆ ਗਿਆ ਅਤੇ ਵੋਟ ਪਾਉਣ ਤੋਂ ਕਿਉਂ ਰੋਕਿਆ ਗਿਆ? ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੋਣਾ ਚਾਹੀਦਾ ਹੈ। ’’ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਅਤੇ ਨਗਰ ਨਿਗਮ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੀਡੀਪੀ ਮੁਖੀ ਨੂੰ ਨਾਕਾਬੰਦੀ ਹਟਾਉਣ ਲਈ ਮਨਾਉਣ ਲਈ ਇਕ ਘੰਟੇ ਤੋਂ ਵੱਧ ਸਮੇਂ ਤੱਕ ਕੋਸ਼ਿਸ਼ਾਂ ਕੀਤੀਆਂ ਪਰ ਸਫ਼ਲ ਨਹੀਂ ਹੋਈਆਂ।
ਉਨ੍ਹਾਂ ਕਿਹਾ ਕਿ ਵੱਧ ਰਹੀ ਭੀੜ ਨੂੰ ਖਿੰਡਾਉਣ ਲਈ ਪੁਲਿਸ ਕਰਮਚਾਰੀਆਂ ਨੇ ਮਾਮੂਲੀ ਲਾਠੀਚਾਰਜ ਦਾ ਸਹਾਰਾ ਲਿਆ। ਮੀਡੀਆ ਕਰਮੀਆਂ ਨੇ ਦਾਅਵਾ ਕੀਤਾ ਕਿ ਲਾਠੀਚਾਰਜ ਵਿੱਚ ਕੁਝ ਮੀਡੀਆ ਕਰਮਚਾਰੀ ਵੀ ਜ਼ਖਮੀ ਹੋਏ ਹਨ। ਮਹਿਬੂਬਾ ਥੋੜ੍ਹੀ ਦੇਰ ਲਈ ਵੋਟ ਪਾਉਣ ਲਈ ਪ੍ਰਦਰਸ਼ਨ ਵਾਲੀ ਥਾਂ ਤੋਂ ਚਲੀ ਗਈ। ਮੀਡੀਆ ਕਰਮੀਆਂ ਨੂੰ ਪੋਲਿੰਗ ਬੂਥ ਵਿਚ ਦਾਖਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਅਤੇ ਸੁਰੱਖਿਆ ਕਰਮਚਾਰੀਆਂ ਨੇ ਬੂਥ ਤੋਂ 100 ਮੀਟਰ ਪਹਿਲਾਂ ਰੋਕ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਮਹਿਬੂਬਾ ਅਜੇ ਵੀ ਪ੍ਰਦਰਸ਼ਨ ਵਾਲੀ ਥਾਂ 'ਤੇ ਮੌਜੂਦ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ 'ਚ ਰੱਖਣ ਲਈ ਵਾਧੂ ਬਲਾਂ ਨੂੰ ਬੁਲਾਇਆ ਗਿਆ ਹੈ। ਮਹਿਬੂਬਾ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਪੀਡੀਪੀ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।