
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਬਤੌਰ ਪ੍ਰਧਾਨ ਮੰਤਰੀ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਵਾਅਦਾ ਭਾਜਪਾ.............
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਬਤੌਰ ਪ੍ਰਧਾਨ ਮੰਤਰੀ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਵਾਅਦਾ ਭਾਜਪਾ ਨਾਲ ਵਿਚਾਰ ਕਰਨ ਮਗਰੋਂ ਕੀਤਾ ਸੀ ਅਤੇ ਉਨ੍ਹਾਂ ਨੂੰ ਉਮੀਦ ਸੀ ਕਿ ਅਗਲੀ ਸਰਕਾਰ ਯਾਨੀ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਅਦੇ ਨੂੰ ਪੂਰਾ ਕਰਨਗੇ। ਉਨ੍ਹਾਂ ਰਾਜ ਸਭਾ ਵਿਚ ਆਂਧਰਾ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੇ ਮੁੱਦੇ 'ਤੇ ਚਰਚਾ ਦੌਰਾਨ ਕਿਹਾ ਕਿ ਉਨ੍ਹਾਂ 20 ਫ਼ਰਵਰੀ 2014 ਨੂੰ ਸਦਨ ਵਿਚ ਇਹ ਵਾਅਦਾ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਭਾਜਪਾ ਨੇਤਾ ਅਰੁਣ ਜੇਤਲੀ ਅਤੇ ਵੇਲੇ ਦੇ ਨੇਤਾ ਵਿਰੋਧੀ ਧਿਰ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਹ ਵਾਅਦਾ ਕੀਤਾ ਗਿਆ ਸੀ।
ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸੰਸਦ ਵਿਚ ਕੀਤੇ ਗਏ ਵਾਅਦਿਆਂ ਦਾ ਸਨਮਾਨ ਕਰਦਿਆਂ ਇਨ੍ਹਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦਾ ਦਰਜਾ ਸੰਸਦ ਦੀ ਪ੍ਰਤੀਬੱਧਤਾ ਬਰਾਬਰ ਹੁੰਦਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ, 'ਮੈਨੂੰ ਉਮੀਦ ਸੀ ਕਿ ਮੇਰੇ ਜਾਨਸ਼ੀਨ ਇਸ ਵਾਅਦੇ ਨੂੰ ਪੂਰਾ ਕਰਨਗੇ ਕਿਉਂਕਿ ਉਨ੍ਹਾਂ ਅਪਣੇ ਸਹਿਯੋਗੀ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਹ ਵਾਅਦਾ ਕੀਤਾ ਸੀ। (ਏਜੰਸੀ)